ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ

ਅੰਮ੍ਰਿਤਸਰ, 4 ਜੂਨ ( ਮਨਜੀਤ ਸਿੰਘ ਸ਼ੇਰਗਿੱਲ )
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਸ਼ਕਤੀ ਨਗਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਵੱਲੋਂ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ਼੍ਰੀ ਦਿਕਸ਼ਿਤ ਧਵਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਕੌਂਸਲਰ ਵਿੱਕੀ ਦੱਤਾ, ਕੌਂਸਲਰ ਜਰਨੈਲ ਸਿੰਘ ਢੋਟ, ਏ.ਡੀ.ਸੀ. ਰੁਪਿੰਦਰ ਸਿੰਘ, ਏ.ਸੀ.ਪੀ. ਸੁਰਿੰਦਰ ਸਿੰਘ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਹਰਮਨਦੀਪ ਸਿੰਘ, ਇੰਸਪੈਕਟਰ ਸ਼ਮਿੰਦਰਜੀਤ ਸਿੰਘ, ਸੋਨੂੰ ਕੁਮਾਰ ਦਿਲਬਰ, ਚੇਅਰਮੈਨ ਹਰਪ੍ਰੀਤ ਸਿੰਘ ਅਲੁਵਾਲੀਆ ਸਮੇਤ ਹੋਰ ਮੁਹਤਬਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦੇ 459 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਸਿਰਫ 459 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,473 ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।ਵਿਧਾਇਕ ਡਾ. ਅਜੇ ਗੁਪਤਾ ਨੇ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਮੁਕਤੀ ਮੋਰਚਾ ਵੱਲੋਂ ਫਿਰ ਤੋਂ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ `ਤੇ ਹੋਰ ਵੀ ਅਸਰਦਾਰ ਨਤੀਜੇ ਸਾਹਮਣੇ ਆ ਸਕਣ।ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ਼੍ਰੀ ਦਿਕਸ਼ਿਤ ਧਵਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਆਦਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਇਨ੍ਹਾਂ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਵੱਡੇ ਪੱਧਰ `ਤੇ ਕੀਤਾ ਜਾਵੇਗਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
