ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਰਾਈਆ ਦੇ 25 ਪਰਿਵਾਰ “ਆਪ” ‘ਚ ਸ਼ਾਮਲ

ਤਲਵੰਡੀ ਸਾਬੋ, 04 ਜੂਨ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਨ ਸਭਾ ਤਲਵੰਡੀ ਸਾਬੋ ਦੇ ਪਿੰਡ ਰਾਈਆ ਦੇ ਕਰੀਬ 25 ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਅਤੇ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਪਿੰਡ-ਪਿੰਡ ਤੱਕ ਪਹੁੰਚਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਲੋਕ ਭਲਾਈ ਦੇ ਹੋਰ ਖੇਤਰਾਂ ਵਿੱਚ ਇਤਿਹਾਸਕ ਕੰਮ ਕਰ ਰਹੀ ਹੈ। ਸਰਕਾਰ ਦੀਆਂ ਨੀਤੀਆਂ ਅਤੇ ਪਾਰਦਰਸ਼ੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।
