ਬੱਬਰ ਖਾਲਸਾ ਦੇ 3 ਗੁਰਗੇ, 2 ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ


ਪੁਲਿਸ ਥਾਣਿਆਂ ‘ਤੇ ਹਮਲੇ ਦੀ ਸੀ ਤਿਆਰੀ
(ਨਿਊਜ਼ ਟਾਊਨ ਨੈਟਵਰਕ)
ਮੋਹਾਲੀ, 27 ਜੂਨ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਪਾਕਿਸਤਾਨੀ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਯੂਕੇ ਸਥਿਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਚਲਾ ਰਿਹਾ ਸੀ। ਪੁਲਿਸ ਨੇ ਇਕ ਕਿਸ਼ੋਰ ਸਮੇਤ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਮੁਤਾਬਕ ਉਨ੍ਹਾਂ ਤੋਂ 2 ਹੈਂਡ ਗ੍ਰਨੇਡ, 1 ਗਲੌਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਦੇ ਰਹਿਣ ਵਾਲੇ ਹਨ, ਜਦੋਂ ਕਿ ਇਕ ਆਰੋਪੀ ਨਾਬਾਲਗ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ 2 ਹੈਂਡ ਗ੍ਰਨੇਡ, ਇਕ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਪੁਲਿਸ ਦੇ ਅਨੁਸਾਰ ਆਰੋਪੀ ਅੰਮ੍ਰਿਤਸਰ ਵਿਚ ਪੁਲਿਸ ਠਿਕਾਣਿਆਂ ‘ਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿਤਾ ਹੈ ਅਤੇ ਕਈ ਲੋਕਾਂ ਦੀ ਜਾਨ ਬਚ ਗਈ ਹੈ।
ਇਸ ਸਬੰਧ ਵਿਚ ਪੁਲਿਸ ਵਲੋਂ ਬੀਐਨਐਸ ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਮੋਹਾਲੀ ਪੁਲਿਸ ਸਟੇਸ਼ਨ ਵਿਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਮਾਮਲੇ ਵਿਚ ਕਈ ਹੋਰ ਖੁਲਾਸੇ ਹੋਣਗੇ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁਲਿਸ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਵਿਚ ਲਗਾਤਾਰ ਲੱਗੀ ਹੋਈ ਹੈ।