ਪੰਜਾਬ ਤੇ ਹਿਮਾਚਲ ’ਚ ਮੌਸਮ ਦਾ ਬਦਲਿਆ ਮਿਜਾਜ਼, ਅਲਰਟ ਜਾਰੀ


ਚੰਡੀਗੜ੍ਹ/ਸ਼ਿਮਲਾ, 20 ਜੂਨ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਦੇ ਮੌਸਮ ’ਚ ਅੱਜ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਅਗਲੇ 3 ਦਿਨਾਂ ਵਿਚ ਪੰਜਾਬ ਵਿਚ ਮਾਨਸੂਨ ਆ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਮੱਧ ਰਾਜਸਥਾਨ ਤੱਕ ਪਹੁੰਚ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, 20 ਜੂਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 21 ਤੋਂ 22 ਜੂਨ ਨੂੰ ਲੁਧਿਆਣਾ, ਪਟਿਆਲਾ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 23 ਜੂਨ ਨੂੰ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਦੇ ਨਾਲ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੀਂਹ ਦੇ ਚੱਲਦੇ ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੁਕਤਸਰ, ਮਾਨਸਾ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਹੈ।
ਦੂਜੇ ਪਾਸੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਜੂਨ ਤੋਂ 19 ਜੂਨ 2025 ਤੱਕ ਪੰਜਾਬ ਵਿੱਚ ਔਸਤਨ 26.65 ਮਿਲੀਮੀਟਰ ਮੀਂਹ ਪਿਆ ਹੈ, ਜਦਕਿ ਇਸ ਸਮੇਂ ਦੌਰਾਨ ਆਮ ਮੀਂਹ 45 ਤੋਂ 50 ਮਿਲੀਮੀਟਰ ਮੰਨਿਆ ਜਾਂਦਾ ਹੈ। ਯਾਨੀ ਇਸ ਵਾਰ 40% ਤੋਂ ਵੱਧ ਮੀਂਹ ਦੀ ਘਾਟ ਦਰਜ ਕੀਤੀ ਗਈ ਹੈ।
ਚੰਡੀਗੜ੍ਹ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ 20 ਤੋਂ 23 ਜੂਨ ਤੱਕ ਚੰਡੀਗੜ੍ਹ ਅਤੇ ਇਸ ਦੇ ਆਲੇ-ਦੁਆਲੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਦੌਰਾਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿਚ ਲੋਕਾਂ ਨੂੰ ਮੀਂਹ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿਤੀ ਗਈ ਹੈ। ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 24 ਜੂਨ ਨੂੰ ਮੀਂਹ ਨਹੀਂ ਪਵੇਗਾ ਪਰ ਉਸ ਤੋਂ ਬਾਅਦ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ। ਹਫ਼ਤੇ ਭਰ ਕੁਝ ਥਾਵਾਂ ‘ਤੇ ਬਿਜਲੀ ਅਤੇ ਗਰਜ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ ਧਰਮਸ਼ਾਲਾ-ਚਤਰੋ-ਗੱਗਲ ਸੜਕ ’ਤੇ ਆਵਾਜਾਈ ਰੁਕ ਗਈ ਸੀ ਅਤੇ ਅਧਿਕਾਰੀ ਇਸ ਸਮੇਂ ਸੜਕ ਸਾਫ਼ ਕਰਨ ਦੇ ਕੰਮ ਵਿਚ ਰੁੱਝੇ ਹੋਏ ਹਨ। ਹਿਮਾਚਲ ਵਿਚ ਸਭ ਤੋਂ ਵੱਧ ਬਾਰਿਸ਼ ਨਾਹਨ ਵਿਚ 84.7 ਮਿਲੀਮੀਟਰ ਹੋਈ। ਸੁੰਦਰਨਗਰ, ਸ਼ਿਮਲਾ ਅਤੇ ਕਾਂਗੜਾ ਵਿਚ ਗਰਜ ਨਾਲ ਤੂਫ਼ਾਨ ਆਇਆ ਜਦੋਂ ਕਿ 37 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਸ਼ਿਮਲਾ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ 22, 23, 25 ਅਤੇ 26 ਜੂਨ ਨੂੰ ਦੂਰ-ਦੁਰਾਡੇ ਥਾਵਾਂ ’ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ ਆਰੇਂਜ ਚਿਤਾਵਨੀ ਜਾਰੀ ਕੀਤੀ ਹੈ।
