ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ


(ਨਿਊਜ਼ ਟਾਊਨ ਨੈਟਵਰਕ)
ਨਵੀ ਦਿੱਲੀ, 27 ਜੂਨ : ਲੁਧਿਆਣਾ ਪੱਛਮੀ ਸੀਟ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਸੰਜੀਵ ਅਰੋੜਾ ਨੇ ਅਰਵਿੰਦ ਕੇਜਰੀਵਾਲ ਦੇ ਨਿਰੰਤਰ ਸਮਰਥਨ, ਵਿਸ਼ਵਾਸ ਅਤੇ ਉਤਸ਼ਾਹ ਲਈ ਧੰਨਵਾਦ ਕੀਤਾ।
ਸੰਜੀਵ ਅਰੋੜਾ ਨੇ ਕਿਹਾ ਕਿ “ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਪਣੇ ਪਰਿਵਾਰ ਸਮੇਤ ਮਿਲਣਾ ਇਕ ਸਨਮਾਨ ਦੀ ਗੱਲ ਹੈ। ਮੈਂ ਚੋਣ ਯਾਤਰਾ ਦੌਰਾਨ ਉਨ੍ਹਾਂ ਦੇ ਨਿਰੰਤਰ ਸਮਰਥਨ, ਵਿਸ਼ਵਾਸ ਅਤੇ ਉਤਸ਼ਾਹ ਲਈ ਸੱਚਮੁੱਚ ਧੰਨਵਾਦੀ ਹਾਂ। ਉਨ੍ਹਾਂ ਦੀ ਅਗਵਾਈ ਪ੍ਰੇਰਨਾ ਦਿੰਦੀ ਰਹਿੰਦੀ ਹੈ ਅਤੇ ਮੈਂ ਅੱਗੇ ਦੇ ਰਸਤੇ ਵਿਚ ਉਨ੍ਹਾਂ ਦੇ ਮਾਰਗਦਰਸ਼ਨ ਦੀ ਉਮੀਦ ਕਰਦਾ ਹਾਂ।‘
ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ’ਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਜਿੱਤ ਹਾਸਲ ਕੀਤੀ ਸੀ। ‘ਆਪ’ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸਾਬਕਾ ਮੰਤਰੀ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਸੰਜੀਵ ਅਰੋੜਾ ਨੂੰ ਕੁੱਲ 35,179 ਵੋਟਾਂ ਮਿਲੀਆਂ ਸਨ ਜਦਕਿ ਆਸ਼ੂ 24,542 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੇ। ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ 20,323 ਵੋਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਉਨ੍ਹਾਂ ਨੂੰ ਸਿਰਫ਼ 8,203 ਵੋਟਾਂ ਪਈਆਂ ਸਨ।