ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦਾ ਵਧਾਇਆ ਪੁਲਿਸ ਰਿਮਾਂਡ


ਮੋਹਾਲੀ, 2 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਮੋਹਾਲੀ ਦੀ ਅਦਾਲਤ ਨੇ ਅੱਜ ਰਿਮਾਂਡ ਵਧਾ ਦਿਤਾ ਹੈ। ਅਦਾਲਤ ਨੇ ਮਜੀਠੀਆ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਦਿਤਾ ਗਿਆ ਹੈ।
ਜਾਣਕਾਰੀ ਮੁਤਾਬਕ ਮਾਮਲੇ ਦੀ ਸੁਣਵਾਈ ਅੱਜ ਸਵੇਰੇ 10:45 ਵਜੇ ਮੋਹਾਲੀ ਜ਼ਿਲ੍ਹਾ ਅਦਾਲਤ ਵਿਚ ਸ਼ੁਰੂ ਹੋਈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਅੱਜ ਤਕਰੀਬਨ ਢਾਈ ਘੰਟੇ ਤੱਕ ਚਲੀ। ਸੂਤਰਾਂ ਅਨੁਸਾਰ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਅਦਾਲਤ ਨੂੰ ਦੱਸਿਆ ਹੈ ਕਿ ਮਜੀਠੀਆ ਰਿਮਾਂਡ ਦੌਰਾਨ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ। ਵਿਜੀਲੈਂਸ ਦਾ ਇਹ ਵੀ ਕਹਿਣਾ ਹੈ ਕਿ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਲਈ ਮਜੀਠੀਆ ਨੂੰ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਤੇ ਥਾਵਾਂ ‘ਤੇ ਲਿਜਾਣਾ ਜ਼ਰੂਰੀ ਹੈ। ਇਨ੍ਹਾਂ ਆਧਾਰਾਂ ‘ਤੇ ਵਿਜੀਲੈਂਸ ਬਿਊਰੋ ਅਦਾਲਤ ਤੋਂ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਵਧਾ ਦਿਤਾ ਹੈ। ਹੁਣ ਮਾਮਲੇ ਸਬੰਧੀ ਅਗਲੀ ਸੁਣਵਾਈ ਐਤਵਾਰ ਨੂੰ ਹੋਵੇਗੀ।
