ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਦੇ ਉਪਰਾਲੇ ਜਾਰੀ


ਗੁਰਦਾਸਪੁਰ, 03 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) :
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਦੇ ਉਪਰਾਲੇ ਲਗਾਤਾਰ ਜਾਰੀ ਹਨ। ਰਾਜ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਵਾਸਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਰੱਖਿਆ ਗਿਆ ਹੈ। ਡੇਅਰੀ ਸਿਖਲਾਈ ਕੋਰਸ ਕਰਨ ਦੇ ਚਾਹਵਾਨ ਨੌਜਵਾਨ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਕਮਰਾ ਨੰਬਰ 508, ਬਲਾਕ—ਬੀ, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਮਿਤੀ 07—07—2025 ਤੱਕ ਅਰਜ਼ੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 07—07—2025 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5 ਵੀਂ ਪਾਸ ਹੋਣ ਅਤੇ ਉਨ੍ਹਾਂ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।