ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮਿਲੇਗਾ 10 ਲੱਖ ਦਾ ਨਗਦੀ ਰਹਿਤ ਇਲਾਜ : ਭਗਵੰਤ ਮਾਨ


-ਮੁਫ਼ਤ ‘ਚ ਕੀਤਾ ਜਾਵੇਗਾ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿਚ ਹਰ ਬਿਮਾਰੀ ਦਾ ਇਲਾਜ
ਚੰਡੀਗੜ੍ਹ, 8 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿਚ ਜ਼ਿੰਦਗੀ ਬਤੀਤ ਕਰਦੇ ਸਨ। ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਪਿਛਲੀਆਂ ਸਰਕਾਰਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਇਸ ਸੰਜੀਦਾ ਮਸਲੇ ਵੱਲ ਕਿਸੇ ਨੇ ਧਿਆਨ ਨਹੀਂ ਦਿਤਾ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਵੀਂ ਸਿਹਤ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਸਾਰੇ ਪਰਿਵਾਰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੇ ਹੱਕਦਾਰ ਹੋਣਗੇ। ਸੂਬਾ ਸਰਕਾਰ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੋਵੇਗਾ ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ। ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਪਣੀ ਜੇਬ ਵਿਚੋਂ ਇਕ ਵੀ ਪੈਸਾ ਨਹੀਂ ਦੇਣਾ ਪਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਾ ਇਹ ਕਲੰਕ ਛੇਤੀ ਹੀ ਮਿਟ ਜਾਵੇਗਾ।
