ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਕੀਤਾ ਹੰਗਾਮਾ, ਕਾਂਗਰਸ ਨੇ ਵਾਕ-ਆਊਟ ਕੀਤਾ


(ਦੁਰਗੇਸ਼ ਗਾਜਰੀ)
ਚੰਡੀਗੜ੍ਹ, 11 ਜੁਲਾਈ : ਅੱਜ ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਸ਼ਬਦੀ ਬਹਿਸ ਦੇਖਣ ਨੂੰ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਜਿਵੇਂ ਹੀ ਮੁੱਖ ਮੰਤਰੀ ਮਾਨ ਨੇ ਅਪਣਾ ਭਾਸ਼ਣ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿਤਾ। ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਅਨਾ ਮਾਰਿਆ ਕਿ ਜਿਸ ਸਿਖਿਆ ਪ੍ਰਣਾਲੀ ਵਿਚ ਬਾਜਵਾ ਸਾਹਿਬ ਨੇ ਪੜ੍ਹਾਈ ਕੀਤੀ ਹੈ, ਉਹ ਸ਼ਾਇਦ ਪੰਜਾਬੀ ਕਹਾਵਤਾਂ ਨਹੀਂ ਪੜ੍ਹਾਉਂਦੀ। ਇਸੇ ਲਈ ਉਹ ਕਹਾਵਤਾਂ ਨੂੰ ਨਹੀਂ ਸਮਝਦੇ। ਮੁੱਖ ਮੰਤਰੀ ਨੇ ਬਾਜਵਾ ਨੂੰ ਪੁੱਛਿਆ ਕਿ ਤੁਸੀਂ ਹਰ ਚੀਜ਼ ਨੂੰ ਧਰਮ ਨਾਲ ਕਿਉਂ ਜੋੜਦੇ ਹੋ? ਇਸ ਦੇ ਨਾਲ ਹੀ ਉਨ੍ਹਾਂ ਬਾਜਵਾ ਨੂੰ ਪੰਜਾਬੀ ਪੜ੍ਹ ਕੇ ਸਦਨ ਵਿਚ ਆਉਣ ਦੀ ਸਲਾਹ ਵੀ ਦਿਤੀ। ਉਨ੍ਹਾਂ ਕਿਹਾ ਕਿ ਹੁਣ ਤੁਹਾਡੇ ਕਾਰਨ ਪੰਜਾਬੀ ਕਹਾਵਤਾਂ ਨਹੀਂ ਬਦਲੀਆਂ ਜਾਣਗੀਆਂ। ਦੂਜੇ ਦਿਨ ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ, ਕਾਂਗਰਸ ਨੇ ਹੰਗਾਮਾ ਕੀਤਾ ਅਤੇ ਇਸ ਹੰਗਾਮੇ ਤੋਂ ਬਾਅਦ ਕਾਂਗਰਸ ਸਦਨ ਤੋਂ ਵਾਕਆਊਟ ਕਰ ਗਈ। ਇਸ ਦੌਰਾਨ ਮਾਨ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ ਗਈ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਜ਼ੀਰੋ ਆਵਰ ਨਹੀਂ ਲਿਆ ਸਕੀ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਮਾਰੇ ਗਏ ਟੈਕਸਟਾਈਲ ਕਾਰੋਬਾਰੀ ਸੰਜੇ ਵਰਮਾ ਨੂੰ ਵੀ ਸ਼ਰਧਾਂਜਲੀ ਦਿਤੀ ਜਾਵੇ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵਿਧਾਨ ਸਭਾ ਨੂੰ ਇਕ ਪਲੇਟ ਫ਼ਾਰਮ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੂੰ ਭਰੋਸਾ ਹੈ ਕਿ ਸੀ.ਆਈ.ਐਸ.ਐਫ਼ ਨੂੰ ਹਟਾ ਦਿਤਾ ਜਾਣਾ ਚਾਹੀਦਾ ਹੈ ਅਤੇ ਡੈਮਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਤਾਇਨਾਤ ਕੀਤੀ ਜਾਣੀ ਚਾਹੀਦੀ ਹੈ, ਤਾਂ ਵਿਧਾਨ ਸਭਾ ਵਿਚ ਪੰਜਾਬ ਪੁਲਿਸ ਨੂੰ ਕਿਉਂ ਨਹੀਂ ਤਾਇਨਾਤ ਕੀਤਾ ਗਿਆ? ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਥੇ ਸਾਰੇ ਮੰਤਰੀ ਅਤੇ ਕੈਬਨਿਟ ਬੈਠੇ ਹਨ, ਉਥੇ ਪੰਜਾਬ ਪੁਲਿਸ ਦੀ ਬਜਾਏ ਸੀ.ਆਈ.ਐਸ.ਐਫ਼. ਕਿਉਂ ਤਾਇਨਾਤ ਕੀਤਾ ਗਿਆ ਹੈ ਅਤੇ ਕੀ ਪੰਜਾਬ ਸਰਕਾਰ ਡਰਦੀ ਹੈ? ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚੋਂ ਸੀ.ਆਈ.ਐਸ.ਐਫ਼ ਨੂੰ ਹਟਾ ਦਿਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੇ ਮੰਤਰੀਆਂ ਵਿਰੁਧ ਕੇਸ ਦਰਜ ਕਰਨ ਦਾ ਮਾਮਲਾ ਵੀ ਉੱਠਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵਿਰੁਧ ਪਰਚਾ ਦਰਜ ਕੀਤਾ ਗਿਆ ਸੀ। ਇਹ ਸ਼ਿਕਾਇਤ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ, ਚੰਡੀਗੜ੍ਹ ਸਾਈਬਰ ਸੈੱਲ ਨੇ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵਿਰੁਧ ਵੀਡੀਓ ਨਾਲ ਛੇੜਛਾੜ ਕਰਨ ਅਤੇ ਪ੍ਰਸਾਰਿਤ ਕਰਨ ਦੇ ਦੋਸ਼ ਵਿਚ ਬੀ.ਐਨ.ਐਸ ਦੀ ਧਾਰਾ 336 (4), 356, 61 (2) ਤਹਿਤ ਕੇਸ ਦਰਜ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਆਗੂਆਂ ਵਿਰੁਧ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੇ ਜਾਣਬੁਝ ਕੇ ਉਨ੍ਹਾਂ ਦੀ ਅਧਿਕਾਰਤ ਵੀਡੀਓ ਨਾਲ ਛੇੜਛਾੜ ਕੀਤੀ ਹੈ।
