ਅੰਮ੍ਰਿਤਧਾਰੀਆਂ ਨੂੰ ਪ੍ਰੀਖਿਆ ਤੋਂ ਰੋਕਣਾ ਸਿੱਖਾਂ ਵਿਰੁਧ ਨਫ਼ਰਤੀ ਵਿਤਕਰਾ : ਜਥੇਦਾਰ


(ਮੋਹਕਮ ਸਿੰਘ)
ਅੰਮ੍ਰਿਤਸਰ, 27 ਜੁਲਾਈ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁਧ ਨਫ਼ਰਤੀ ਵਿਤਕਰਾ ਕਰਾਰ ਦਿਤਾ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਇਸ ਦੀ ਨਿੰਦਾ ਕਰਦਿਆਂ ਰਾਜਸਥਾਨ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਸਵਾਲ ਕੀਤਾ ਕਿ ਅਪਣੇ-ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿਤਾਂ ਦੀ ਰਾਖੀ ਕਰ ਰਹੀ ਹੈ? ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆਂ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮ੍ਰਿਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ ਪਰ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਦੀ ਭਰਤੀ ਵੇਲੇ ਸਿੱਖਾਂ ਨਾਲ ਵਿਤਕਰੇ ਦੇ ਮਾਮਲੇ ਜੈਪੁਰ ਤੇ ਜੋਧਪੁਰ ਤੋਂ ਸਾਹਮਣੇ ਆਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਨੇ ਇਸ ਸਬੰਧੀ ਸਰਕਾਰ ਨਾਲ ਲਿਖਾ-ਪੜ੍ਹੀ ਵੀ ਕੀਤੀ ਸੀ, ਇਸ ਦੇ ਬਾਵਜੂਦ ਇਸ ਸਾਲ ਫਿਰ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਵਿਚ ਦਾਖ਼ਲੇ ਤੋਂ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਦੀ ਵਿਆਖਿਆ 1 ਵਿਚ ਸਪੱਸ਼ਟ ਦਰਜ ਹੈ ਕਿ ਸਿੱਖ ਧਰਮ ਵਿਚ ਕਿਰਪਾਨ ਪਹਿਨਣਾ ਸ਼ਾਮਲ ਹੈ, ਇਸ ਦੇ ਬਾਵਜੂਦ ਸੰਵਿਧਾਨ ਦੀ ਰਾਖੀ ਕਰਨ ਵਾਲੀ ਅਦਾਲਤ ਦੀ ਪ੍ਰੀਖਿਆ ਵਿਚ ਹੀ ਸਿੱਖਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
