ਸਾਵਧਾਨ ! ਪੰਜਾਬ ਦੇ 4 ਜ਼ਿਲ੍ਹਿਆਂ ਲਈ ਵੱਜਿਆ ਖ਼ਤਰੇ ਦਾ ਸੰਕੇਤ… 🌧️⚠️


ਪੰਜਾਬ, 20 ਅਗਸਤ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਵਿਚ ਮਾਨਸੂਨ ਨੇ ਇਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਲਗਾਤਾਰ ਹੋ ਰਹੀ ਬਾਰਿਸ਼ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਚਾਰ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਆਮ ਨਾਲੋਂ ਵੱਧ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਨੂੰ ਅਲਰਟ ਉਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਤੋਂ ਆਮ ਬਾਰਿਸ਼ ਦਰਜ ਕੀਤੀ ਜਾਵੇਗੀ।
ਛੇ ਜ਼ਿਲ੍ਹਿਆਂ ਵਿਚ ਨੁਕਸਾਨ, ਪਿੰਡਾਂ ਦਾ ਸੰਪਰਕ ਕੱਟਿਆ ਗਿਆ
ਲਗਾਤਾਰ ਬਾਰਿਸ਼ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਨੁਕਸਾਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ ਸ਼ਾਮਲ ਹਨ। ਇੱਥੇ ਕਈ ਪਿੰਡਾਂ ਦਾ ਇੱਕ ਦੂਜੇ ਨਾਲ ਸੰਪਰਕ ਟੁੱਟ ਗਿਆ ਹੈ ਅਤੇ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਦਰਜਨਾਂ ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹਾਈ ਅਲਰਟ ਉਤੇ ਰੱਖਿਆ ਹੈ।
ਸੂਬਾ ਸਰਕਾਰ ਨੇ ਮੀਂਹ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਕਿਹਾ ਕਿ 172 ਐਂਬੂਲੈਂਸਾਂ ਅਤੇ 438 ਐਨਡੀਆਰਐਫ ਟੀਮਾਂ ਨੂੰ ਮੌਕੇ ਉਤੇ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਵਿੱਚ ਲੋਕਾਂ ਦੀ ਤੁਰੰਤ ਮਦਦ ਕੀਤੀ ਜਾ ਸਕੇ।
ਲਗਾਤਾਰ ਭਾਰੀ ਬਾਰਸ਼ ਕਾਰਨ ਰਾਵੀ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਵੱਧ ਗਿਆ ਹੈ। ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਏ ਨਦੀ ਵਿੱਚ ਲਗਭਗ 1.40 ਲੱਖ ਕਿਊਸਿਕ ਪਾਣੀ ਛੱਡਿਆ ਹੈ। ਇਸ ਕਾਰਨ ਨਦੀ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ, ਜਿਸ ਨਾਲ ਆਲੇ ਦੁਆਲੇ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਦੀ ਸੰਭਾਵਨਾ ਹੋਰ ਵੀ ਵੱਧ ਗਈ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਐਮਰਜੈਂਸੀ ਦੀ ਸਥਿਤੀ ਵਿੱਚ ਪ੍ਰਸ਼ਾਸਨ ਦੁਆਰਾ ਜਾਰੀ ਹੈਲਪਲਾਈਨ ਨੰਬਰਾਂ ‘ਤੇ ਤੁਰੰਤ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।