ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਕਰਨਗੇ ਪੰਜਾਬ ਦਾ ਦੌਰਾ


ਹੜ੍ਹਾਂ ਦੀ ਸਥਿਤੀ ਦਾ ਲਿਆ ਜਾਵੇਗਾ ਜਾਇਜ਼ਾ
(ਨਿਊਜ਼ ਟਾਊਨ ਨੈੱਟਵਰਕ)
ਨਵੀਂ ਦਿੱਲੀ, 1 ਸਤੰਬਰ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦਿੱਲੀ ਵਿਚ ਇਕ ਉੱਚ ਪੱਧਰੀ ਮੀਟਿੰਗ ਬੁਲਾਈ। ਮੀਟਿੰਗ ਵਿਚ ਉਨ੍ਹਾਂ ਨੇ ਦੇਸ਼ ਭਰ ਵਿੱਚ ਹੋ ਰਹੀ ਬਾਰਸ਼ ਅਤੇ ਇਸ ਦੇ ਪ੍ਰਭਾਵ ਦਾ ਜਾਇਜ਼ਾ ਲਿਆ। ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੀ ਸਥਿਤੀ ‘ਤੇ ਚਰਚਾ ਕਰਦੇ ਹੋਏ ਕਿਹਾ ਕਿ ਰਾਜ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਕਿਸਾਨਾਂ ਦੀ ਹਾਲਤ ‘ਤੇ ਚਿੰਤਾ ਪ੍ਰਗਟ ਕੀਤੀ। ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, “ਪੰਜਾਬ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਬਿਲਕੁਲ ਵੀ ਚਿੰਤਾ ਨਹੀਂ ਕਰਨੀ ਚਾਹੀਦੀ। ਕੇਂਦਰ ਸਰਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜੀ ਹੈ।” ਸ਼ਿਵਰਾਜ ਸਿੰਘ ਚੌਹਾਨ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਕਿਸਾਨਾਂ ਨੂੰ ਮੌਕੇ ‘ਤੇ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨਗੇ। ਕੇਂਦਰੀ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਸਹਾਇਤਾ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ।
