CM ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਲੋਗੋ ਜਾਰੀ


(ਦੁਰਗੇਸ਼ ਗਾਜਰੀ)
ਚੰਡੀਗੜ੍ਹ, 25 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮੌਕੇ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ। ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ ’ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੜੀਵਾਰ ਸਮਾਗਮਾਂ ਨਾਲ ਲੋਕਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖ, ਮਾਨਵਤਾ ਅਤੇ ਕੁਰਬਾਨੀ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਨੂੰ ਮੰਨਣ ਦੀ ਆਜ਼ਾਦੀ, ਧਰਮ ਨਿਰਪੱਖ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਬੇਇਨਸਾਫੀ, ਜ਼ੁਲਮ ਅਤੇ ਦਮਨ ਦੇ ਖਿਲਾਫ਼ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਬਾਣੀ ਮਨੁੱਖੀ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਬਹਾਦਰੀ, ਅਧਿਆਤਮਕਤਾ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੜੀਵਾਰ ਸਮਾਗਮ ਮਹਾਨ ਸਿੱਖ ਗੁਰੂ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਪਵਿੱਤਰ ਮੌਕਾ ਹੈ ਜਦੋਂ ਅਸੀਂ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ-ਆਪ ਨੂੰ ਮੁੜ ਸਮਰਪਿਤ ਕਰਦੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਮੌਕੇ ਨੂੰ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਤਾਂ ਜੋ ਸਾਡੇ ਦੇਸ਼ ਖਾਸ ਕਰਕੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਸਾਨੂੰ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।
ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ
ਸੂਬੇ ਵਿਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
(ਦੁਰਗੇਸ਼ ਗਾਜਰੀ)
ਚੰਡੀਗੜ੍ਹ, 25 ਸਤੰਬਰ : ਇਕ ਮਹੱਤਵਪੂਰਨ ਫ਼ੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀ.ਏ.ਸੀ.ਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ ਸਵੈ-ਇੱਛਤ ਸੰਗਠਨ, ਮੈਂਬਰਾਂ ਦੇ ਜਮਹੂਰੀ ਢੰਗ ਨਾਲ ਵਿਚਰਨ ਅਤੇ ਖੁੱਲ੍ਹੀ ਪਹੁੰਚ ਦੇ ਸਿਧਾਂਤਾਂ ‘ਤੇ ਕਾਇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਦਾ ਵਿਸਥਾਰ, ਮਜ਼ਬੂਤੀ ਅਤੇ ਇਸਨੂੰ ਹੋਰ ਸਮਾਵੇਸ਼ੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਇਸਦਾ ਸਿੱਧਾ ਲਾਭ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਖੁਦ ਦੀ ਸਹਿਕਾਰੀ ਨੀਤੀ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਸਹਿਕਾਰੀ ਸਭਾਵਾਂ ਨਾਲ ਵਧੇਰੇ ਲੋਕਾਂ ਨੂੰ ਜੋੜਨਾ, ਭਾਗੀਦਾਰੀ ਦੇ ਮੌਕੇ ਵਧਾਉਣਾ ਅਤੇ ਨਿਰਪੱਖ ਮੁਕਾਬਲੇ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸਦਾ ਵਿਸ਼ੇਸ਼ ਮੰਤਵ ਸਹਿਕਾਰੀ ਸਭਾਵਾਂ ਨੂੰ ਪੰਜਾਬ ਦੇ ਪੇਂਡੂ ਅਤੇ ਆਰਥਿਕ ਵਿਕਾਸ ਦਾ ਕੇਂਦਰੀ ਥੰਮ੍ਹ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਪੀਏਸੀਐਸ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵੀ ਘਟਾ ਰਹੀ ਹੈ ਤਾਂ ਜੋ ਛੋਟੇ ਕਿਸਾਨ ਅਤੇ ਕਮਜ਼ੋਰ ਵਰਗ ਇਸ ਵਿੱਚ ਸ਼ਾਮਲ ਹੋ ਸਕਣ ਅਤੇ ਇਸਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਜ਼ਮੀਨੀ ਪੱਧਰ ‘ਤੇ ਸਮਾਵੇਸ਼, ਨਿਰਪੱਖ ਮੁਕਾਬਲੇ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਂਦਿਆਂ ਸੂਬਾ ਸਰਕਾਰ ਦੀ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਣਾ ਹੈ।