ਪੰਜਾਬ ਦੇ ਗੁਆਂਢੀ ਸੂਬਾ ਨੇ ਮੁਲਾਜ਼ਮਾਂ ਨੂੰ ਦਿਤਾ ਦੀਵਾਲੀ ਦਾ ਤੋਹਫ਼ਾ

(ਦੁਰਗੇਸ਼ ਗਾਜਰੀ)
ਚੰਡੀਗੜ੍ਹ, 16 ਅਕਤੂਬਰ : ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕਈ ਸੂਬਾ ਸਰਕਾਰਾਂ ਵਲੋਂ ਮੁਲਾਜ਼ਮਾਂ ਦੇ ਡੀ.ਏ. ਵਿਚ ਵਾਧਾ ਕੀਤਾ ਗਿਆ। ਹੁਣ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਤੋਹਫ਼ਾ ਦਿਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤਾ ਵਿਚ 3 ਫ਼ੀ ਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਵਧਿਆ ਹੋਇਆ ਭੱਤਾ ਅਕਤੂਬਰ ਦੀ ਤਨਖ਼ਾਹ ਅਤੇ ਪੈਨਸ਼ਨ ਨਾਲ ਨਵੰਬਰ ਵਿਚ ਜਾਰੀ ਕੀਤਾ ਜਾਵੇਗਾ। ਅਪ੍ਰੈਲ ਤੋਂ ਸਤੰਬਰ 2025 ਤਕ ਦਾ ਬਕਾਇਆ ਵੀ ਅਕਤੁਬਰ ਵਿਚ ਕਰਮਚਾਰੀਆਂ ਦੇ ਖਾਤਿਆਂ ਵਿਚ ਆ ਜਾਵੇਗਾ। ਇਹ ਹੀ ਨਹੀਂ, ਜੁਲਾਈ 2023 ਤੋਂ ਮਾਰਚ 2025 ਤਕ ਦੇ ਬਕਾਇਆ ਭੁਗਤਾਨ ਲਈ ਅਲੱਗ ਹੁਕਮ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਇਕ ਪ੍ਰੋਗਰਾਮ ਦੇ ਉਦਘਾਟਨ ਸਮਾਰੋਹ ਦੌਰਾਨ ਕਿਹਾ ਕਿ ਸੂਬਾ ਸਰਕਾਰ ਕਰਮਚਾਰੀਆਂ ਦੇ ਹਿੱਤਾਂ ਲਈ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਉਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
