350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਪੰਜਾਬ ਸਰਕਾਰ ਸਿਰਫ਼ ਅਪਣੀ ‘ਜ਼ਿੱਦ’ ਪੂਰੀ ਕਰ ਰਹੀ ਹੈ : ਜਥੇਦਾਰ

0
Screenshot 2025-11-10 193325

(ਨਿਊਜ਼ ਟਾਊਨ ਨੈਟਵਰਕ)
ਅੰਮ੍ਰਿਤਸਰ, 10 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਮੁੱਖ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਸੰਗਤਾਂ ਦੀ ਆਮਦ ਅਤੇ ਨਗਰ ਕੀਰਤਨਾਂ ਦਾ ਇੱਥੇ ਪੁੱਜਣਾ ਸ਼ੁਰੂ ਹੋ ਚੁੱਕਿਆ ਹੈ। ਪੰਜਾਬ ਸਰਕਾਰ ਵਲੋਂ ਵੱਖਰੇ ਤੌਰ ‘ਤੇ ਕਰਵਾਏ ਜਾ ਰਹੇ ਸਮਾਗਮਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਧਾਰਮਿਕ ਸਮਾਗਮ ਕਰਵਾਉਣਾ ਸਰਕਾਰਾਂ ਦਾ ਕੰਮ ਨਹੀਂ, ਪਰੰਤੂ ਆਪਣੀ ਜ਼ਿੱਦ ਪੂਰੀ ਕਰਨ ਲਈ ਸਰਕਾਰ ਇਹ ਪ੍ਰੋਗਰਾਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਭਰ ਵਿੱਚ ਵੱਡੇ ਸਪੀਕਰ ਲਗਾਏ ਗਏ ਹਨ, ਜੋ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਜਥੇਦਾਰ ਨੇ ਸਪਸ਼ਟ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਇਹ ਸਪੀਕਰ ਤੁਰੰਤ ਹਟਾਏ ਜਾਣ। ਜਥੇਦਾਰ ਗੜਗੱਜ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਇੱਕੋ ਮਕਸਦ ਹੈ ਕਿ ਸਾਰੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਯਾਦ ਕਰਨ ਤੇ ਉਹਨਾਂ ਦੇ ਦਰਸਾਏ ਮਾਰਗ ‘ਤੇ ਚੱਲਣ। ਉਨ੍ਹਾਂ ਦੱਸਿਆ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਉਹਨਾਂ ਨੂੰ ਸਰਕਾਰੀ ਸਮਾਰੋਹਾਂ ਵਿੱਚ ਸ਼ਾਮਿਲ ਹੋਣ ਲਈ ਸੱਦਾ ਭੇਜਿਆ ਦਿੱਤਾ ਗਿਆ ਹੈ। ਉਨ੍ਹਾਂ ਸਰਕਾਰ ਵੱਲੋਂ ਜਾਰੀ ਕੀਤੇ ਪ੍ਰਚਾਰ ਸਮੱਗਰੀ ਉੱਤੇ ਅੰਗਰੇਜ਼ੀ ਭਾਸ਼ਾ ਦੇ ਪ੍ਰਯੋਗ ‘ਤੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਨਾਲ ਸੰਬੰਧਤ ਧਾਰਮਿਕ ਤੇ ਇਤਿਹਾਸਕ ਸਮਾਗਮਾਂ ਦੀ ਸਮੱਗਰੀ ਸਿਰਫ਼ ਪੰਜਾਬੀ ਵਿੱਚ ਹੀ ਪ੍ਰਕਾਸ਼ਤ ਹੋਣੀ ਚਾਹੀਦੀ ਸੀ। ਜਥੇਦਾਰ ਨੇ ਕਿਹਾ ਕਿ ਜੇਕਰ ਸਰਕਾਰ ਆਪਣੀ ਜ਼ਿੱਦ ‘ਤੇ ਅੜੀ ਹੋਈ ਹੈ, ਤਾਂ ਪੰਥ ਵੀ ਸ਼ਤਾਬਦੀ ਸਮਾਰੋਹਾਂ ਨੂੰ ਪੂਰੀ ਚੜ੍ਹਦੀ ਕਲਾ ਨਾਲ ਮਨਾਉਣ ਲਈ ਬਜਿੱਧ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਰਕਾਰ ਦੇ ਕਰਨ ਵਾਲੇ ਸਨ, ਉਹ ਸ਼ਤਾਬਦੀ ਤੋਂ ਪਹਿਲਾਂ ਪੂਰੇ ਨਹੀਂ ਹੋ ਸਕੇ ਅਤੇ ਸਰਕਾਰ ਇਸ ਮਾਮਲੇ ਵਿੱਚ ਨਾਕਾਮ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸਕੱਤਰ ਪ੍ਰਤਾਪ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *