ਪੰਜਾਬ ਦਾ DGP ਤਲਬ : ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਹੋਈ ਕਾਰਵਾਈ


(ਨਿਊਜ਼ ਟਾਊਨ ਨੈਟਵਰਕ)
ਨਵੀਂ ਦਿੱਲੀ, 18 ਨਵੰਬਰ :
ਭਾਰਤੀ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀ.ਜੀ.ਪੀ. ਨੂੰ ਦਿੱਲੀ ਦਫ਼ਤਰ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿਤੇ ਗਏ ਹਨ। ਜ਼ਿਕਰਯੋਗ ਹੈ ਕਿ ਤਰਨ ਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਵਰਕਰਾਂ ਵਿਰੁਧ ਐਫ਼.ਆਈ.ਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ। ਡੀ.ਜੀ.ਪੀ. ਗੌਰਵ ਯਾਦਵ ਵਿਰੁਧ ਗ਼ਲਤ ਪਰਚੇ ਦਰਜ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨ ਤਰਨ ਤਾਰਨ ਹਲਕੇ ਵਿਚ ਸਿਆਸੀ ਬਦਲਾਖੋਰੀ ਨਾਲ ਅਕਾਲੀ ਵਰਕਰਾਂ ਖਿਲਾਫ਼ ਝੂਠੀਆਂ ਐਫ.ਆਈ.ਆਰ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਕੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ ਸੀ। ਚੋਣ ਕਮਿਸ਼ਨ ਨੂੰ ਕੀਤੀ ਲਿਖਤੀ ਸ਼ਿਕਾਇਤ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ ਅਕਾਲੀ ਦਲ ਚੋਣ ਕਮਿਸ਼ਨ ਦਾ ਧੰਨਵਾਦੀ ਹੈ ਜਿਸ ਨੇ ਦੋ ਡੀ.ਐਸ.ਪੀ ਤੇ ਇਕ ਐਸ.ਐਚ.ਓ. ਬਦਲ ਦਿਤੇ ਤੇ ਐਸ.ਐਸ.ਪੀ. ਨੂੰ ਮੁਅੱਤਲ ਕਰ ਦਿਤਾ। ਹਾਲਾਂਕਿ, ਕਮਿਸ਼ਨ ਦੀ ਇਸ ਕਾਰਵਾਈ ਦੇ ਬਾਵਜੂਦ ਰਾਜ ਸਰਕਾਰ ਨੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਹੈ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਅਫ਼ਸਰ ਤਬਦੀਲ ਤੇ ਮੁਅੱਤਲ ਕਰਨ ਤੋਂ ਬਾਅਦ ਸੱਤਾਧਾਰੀ ਧਿਰ ਨੇ ਇਸ ਨੂੰ ਇਕ ਚੁਣੌਤੀ ਵਜੋਂ ਲਿਆ ਅਤੇ ਉਸ ਦਾ ਦਬਾਅ ਨਾ ਮੰਨਣ ਵਾਲੇ ਅਕਾਲੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ। ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਆਗੂਆਂ ਵਿਰੁਧ ਝੂਠੇ ਪਰਚੇ ਦਰਜ ਕੀਤੇ ਗਏ ਤੇ ਆਗੂ ਗ੍ਰਿਫ਼ਤਾਰ ਕੀਤੇ ਗਏ। ਉਹਨਾਂ ਦੱਸਿਆ ਕਿ ਅਜਿਹੀ ਹੀ ਇਕ ਐਫ਼.ਆਈ.ਆਰ ਨੰਬਰ-0261, ਮਿਤੀ 15.11.2025 ਨੂੰ ਤਰਨ ਤਾਰਨ ਸਿਟੀ ਪੁਲਿਸ ਥਾਣੇ ਵਿਚ ਬੀ.ਐਨ.ਐਸ. ਦੀਆਂ ਅਨੇਕਾਂ ਧਾਰਾਵਾਂ ਤਹਿਤ ਦਰਜ ਕੀਤੀ ਗਈ। ਇਸ ਦੇ ਨਾਲ ਹੋਰਨਾਂ ਅਕਾਲੀ ਆਗੂਆਂ ‘ਤੇ ਦਰਜ ਐਫ਼.ਆਈ.ਆਰ ਬਾਰੇ ਡਾ. ਚੀਮਾ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਚੋਣ ਕਮਿਸ਼ਨ ਚੋਣ ਆਬਜ਼ਰਵਰ ਰਾਹੀਂ ਨਤੀਜਿਆਂ ਤੋਂ ਬਾਅਦ ਦਰਜ ਹੋਏ ਪਰਚਿਆਂ ਦੀ ਨਿਰਪੱਖ ਜਾਂਚ ਦੇ ਹੁਕਮ ਦੇਵੇ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਿਚ ਲੋਕ ਵਿਸ਼ਵਾਸ ਦੀ ਬਹਾਲੀ ਵਾਸਤੇ ਸਖ਼ਤ ਕਾਰਵਾਈ ਜ਼ਰੂਰੀ ਹੈ, ਨਹੀਂ ਤਾਂ ਇਸ ਦੀ ਗ਼ਲਤ ਪਿਰਤ ਪੈ ਜਾਵੇਗੀ।
