DGP ਗੌਰਵ ਯਾਦਵ ਨੂੰ ਤਲਬ ਕਰਕੇ ECI ਨੇ ਵੋਟਰਾਂ ਦਾ ਵਿਸ਼ਵਾਸ ਵਧਾਇਆ : ਸੰਜੀਵ ਤਲਵਾਰ



ਕਿਹਾ, ਤਰਨਤਾਰਨ ਉਪ ਚੋਣ ਵਿੱਚ ਪੁਲਿਸ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ
ਹੁਸ਼ਿਆਰਪੁਰ 18 ਨਵੰਬਰ (ਤਰਸੇਮ ਦੀਵਾਨਾ) – ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਨੇ ਡੀਜੀਪੀ ਪੰਜਾਬ ਪੁਲਿਸ, ਸ਼੍ਰੀ ਗੌਰਵ ਯਾਦਵ ਨੂੰ ਤਲਬ ਕਰਕੇ ਵੋਟਰਾਂ ਦਾ ਵਿਸ਼ਵਾਸ ਵਧਾਇਆ ਹੈ। ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਉਪ ਪ੍ਰਧਾਨ ਸੰਜੀਵ ਤਲਵਾੜ ਨੇ ਅੱਜ ਇੱਕ ਸੰਖੇਪ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ। ਤਲਵਾੜ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਤਰਨਤਾਰਨ ਸਾਹਿਬ ਉਪ ਚੋਣ ਵਿੱਚ ਇੱਕ ਰਾਜਨੀਤਿਕ ਪਾਰਟੀ ਵਾਂਗ ਕੰਮ ਕੀਤਾ, ਝੂਠੇ ਪੈਂਫਲੇਟ ਵੰਡ ਕੇ ਮੁੱਖ ਵਿਰੋਧੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਚੋਣ ਮੈਦਾਨ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਰਤ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਸਵੀਕਾਰ ਕੀਤੀ ਸੀ ਅਤੇ ਤਰਨਤਾਰਨ ਦੇ ਐਸਐਸਪੀ ਨੂੰ ਮੁਅੱਤਲ ਵੀ ਕਰ ਦਿੱਤਾ ਸੀ ਅਤੇ ਕਈ ਅਧਿਕਾਰੀਆਂ ਦਾ ਤਬਾਦਲਾ ਵੀ ਕਰ ਦਿੱਤਾ ਸੀ। ਇਸ ਦੇ ਬਾਵਜੂਦ, ਪੁਲਿਸ ਨੇ ਸਰਕਾਰ ਦੇ ਇਸ਼ਾਰੇ ‘ਤੇ ਆਪਣਾ ਰਵੱਈਆ ਨਹੀਂ ਬਦਲਿਆ। ਤਲਵਾੜ ਨੇ ਕਿਹਾ ਕਿ ਮਾਮਲਾ ਇੱਥੇ ਹੀ ਨਹੀਂ ਰੁਕਿਆ, ਜਿਨ੍ਹਾਂ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਜਿੱਤਿਆ ਅਤੇ ਪੁਲਿਸ ਵਿਰੁੱਧ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਵੀ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਅਤੇ ਅੱਜ ਮੁੱਖ ਚੋਣ ਅਧਿਕਾਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਨੂੰ ਸਵੀਕਾਰ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਦਿੱਲੀ ਤਲਬ ਕੀਤਾ ਹੈ। ਤਲਵਾੜ ਨੇ ਕਿਹਾ ਕਿ ਲੋਕਤੰਤਰ ਦੀ ਬਹਾਲੀ ਲਈ, ਭਾਰਤ ਦੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਭਵਿੱਖ ਵਿੱਚ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਭੁਪਿੰਦਰ ਸਿੰਘ ਮਹਿੰਦੀਪੁਰ ਨੰਬਰਦਾਰ ਤੀਰਥ ਸਿੰਘ ਵੀ ਮੌਜੂਦ ਸਨ।
