ਗੁਰਪ੍ਰੀਤ ਸਿੰਘ ਭੁੱਚਰ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਜੋਂ ਅਹੁਦਾ ਸੰਭਾਲਿਆ


ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ, ਵਿਧਾਇਕ ਵਿਜੈ ਸਿੰਗਲਾ, ਵਿਧਾਇਕ ਗੁਰਪ੍ਰੀਤ ਬਣਾਂਵਾਲੀ ਰਹੇ ਮੌਜੂਦ
ਖੇਡ ਮੈਦਾਨਾਂ ਦਾ ਕੰਮ ਤਰਜੀਹੀ ਆਧਾਰ ‘ਤੇ ਕਰਵਾਇਆ ਜਾਵੇਗਾ: ਚੇਅਰਮੈਨ ਭੁੱਚਰ
ਮਾਨਸਾ, 28 ਨਵੰਬਰ (ਬਹਾਦਰ ਖ਼ਾਨ) :
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਜੀ ਦੀ ਮੌਜੂਦਗੀ ਵਿਚ ਅੱਜ ਗੁਰਪ੍ਰੀਤ ਸਿੰਘ ਭੁੱਚਰ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਮਾਤਾ ਹਰਪਾਲ ਕੌਰ ਜੀ ਤੋਂ ਇਲਾਵਾ ਵਿਧਾਇਕ ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਮਾਤਾ ਹਰਪਾਲ ਕੌਰ ਨੇ ਕਿਹਾ ਕਿ ਇਹ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਆਮ ਘਰਾਂ ‘ਚੋਂ ਆਏ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜ਼ਿਆ ਜਾ ਰਿਹਾ ਹੈ। ਓਹ ਗੁਰਪ੍ਰੀਤ ਸਿੰਘ ਭੁੱਚਰ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦੇ ਹਨ ਅਤੇ ਉਮੀਦ ਕਰਦੇ ਹਨ ਕਿ ਸੂਬੇ ਦੇ ਸਾਰੇ ਅਹੁਦੇਦਾਰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣਗੇ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਨਸਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਰਲ -ਮਿਲ ਕੇ ਸਾਂਝੇ ਉੱਦਮਾਂ ਨਾਲ ਵਿਕਾਸ ਦੇ ਕੰਮ ਨੇਪਰੇ ਚਾੜ੍ਹੇ ਜਾਣਗੇ।ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਉਹ ਇਸ ਅਹਿਮ ਜ਼ਿੰਮੇਵਾਰੀ ਸਾਰੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ। ਓਨ੍ਹਾਂ ਨੂੰ ਚੇਅਰਮੈਨ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਓਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਜਿਹੜੇ ਵੱਖ-ਵੱਖ ਪ੍ਰਾਜੈਕਟਾਂ ‘ਤੇ ਕੰਮ ਕੀਤਾ ਜਾ ਰਿਹਾ ਹੈ, ਉਹ ਜਲਦ ਹੀ ਪੂਰੇ ਕੀਤੇ ਜਾਣਗੇ। ਓਨ੍ਹਾਂ ਕਿਹਾ ਕਿ ਖਾਸ ਕਰਕੇ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਕੰਮ ਤਰਜੀਹੀ ਆਧਾਰ ‘ਤੇ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਓਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ, ਵਿਕਾਸ ਉਪਰਾਲਿਆਂ ਅਤੇ ਆਮ ਲੋਕਾਂ ਦੀ ਹਿੱਤਕਾਰੀ ਯੋਜਨਾਵਾਂ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐੱਸ, ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਪੱਛਮੀ ਦੇ ਕੋਆਰਡੀਨੇਟਰ ਚੁਸ਼ਪਿੰਦਰਬੀਰ ਸਿੰਘ ਚਹਿਲ, ਹੋਰ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।
