ਹੁਸ਼ਿਆਰਪੁਰ ‘ਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਮੁੱਖ ਮੰਤਰੀ ਵਲੋਂ ਉਦਘਾਟਨ

0
Screenshot 2026-01-25 203058

ਸਲੇਰਾਨ ਡੈਮ ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ ਨੂੰ ਦੇਵੇਗਾ ਟੱਕਰ: ਭਗਵੰਤ ਮਾਨ
ਕਿਹਾ, ਆਉਣ ਵਾਲੇ ਬਜਟ ਵਿੱਚ ਵਿਵਸਥਾ ਕਰਕੇ ਮਹਿਲਾਵਾਂ ਨੂੰ ਦੇਵਾਂਗੇ 1,000 ਰੁਪਏ

ਹੁਸ਼ਿਆਰਪੁਰ, 25 ਜਨਵਰੀ (ਨਿਊਜ਼ ਟਾਊਨ ਨੈਟਵਰਕ) : ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ। ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ਵਿੱਚ ਫੈਲਿਆ ਵਿਸ਼ੇਸ਼ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਝੂਲੇ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਕੈਫੇਟੇਰੀਆ ਵੀ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਲੇਰਾਨ ਡੈਮ ਦੇ ਸੁੰਦਰ ਦ੍ਰਿਸ਼ਾਂ ਦਾ ਆਨੰਦ ਲੈਣ ਲਈ ਇੱਕ ਵੱਡਾ ਐਂਫੀਥੀਏਟਰ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਵੱਡਾ ਹੁਲਾਰਾ ਦੇਣ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਵਾਤਾਵਰਣ ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖ ਕੇ ਵਿਕਸਤ ਕੀਤਾ ਗਿਆ ਹੈ, ਜਿਸ ਵਿੱਚ ਸੈਰ-ਸਪਾਟਾ ਅਤੇ ਮਨੋਰੰਜਕ ਗਤੀਵਿਧੀਆਂ ਲਈ ਵਾਤਾਵਰਣ-ਅਨੁਕੂਲ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਕੰਢੀ ਖੇਤਰਾਂ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 75 ਛੱਡੇ ਜਾਂ ਖਾਲੀ ਪਏ ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਲਗਭਗ ਇਕ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕੁਦਰਤ ਤੇ ਐਂਡਵੈਂਚਰ ਪ੍ਰੇਮੀਆਂ ਨੂੰ ਆਕਰਸ਼ਿਤ ਕਰਨ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਆਉਣ ਵਾਲੇ ਬਜਟ ਵਿੱਚ ਵਿਵਸਥਾ ਕਰਕੇ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਵੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਰੋਕੇ ਹੋਏ ਫੰਡਾਂ ਨੂੰ ਤੁਰੰਤ ਜਾਰੀ ਕਰ ਦਿੰਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਰਫ਼ਤਾਰ ਮਿਲੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *