ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ : ਅਸ਼ਵਨੀ ਸ਼ਰਮਾ

ਗੁਰੂ ਰਵਿਦਾਸ ਜਯੰਤੀ ਮੌਕੇ ਭਾਜਪਾ ਆਗੂ ਦਾ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ

ਚੰਡੀਗੜ੍ਹ, 7 ਫਰਵਰੀ (ਦੁਰਗੇਸ਼ ਗਾਜਰੀ) : ਗੁਰੂ ਰਵਿਦਾਸ ਜਯੰਤੀ ਦੇ ਸ਼ੁਭ ਦਿਹਾੜੇ ‘ਤੇ ਪੰਜਾਬ ਭਾਜਪਾ ਵੱਲੋਂ ਸੂਬਾ ਭਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਕਰੀਬੀ ਲੱਕੀ ਓਬਰਾਏ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦੀ ਸੁਰੱਖਿਆ ਦਾ ਕੀ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦੀ ‘ਪੋਲੀਟੀਕਲ ਕਲੀਅਰੈਂਸ’ ਨਾ ਮਿਲਣ ਦੇ ਸਵਾਲ ‘ਤੇ ਬੋਲਦਿਆਂ ਸ਼ਰਮਾ ਨੇ ਕਿਹਾ ਕਿ ਇਹ ਕੇਂਦਰ ਦਾ ਵਿਸ਼ਾ ਹੈ, ਪਰ ਨਾਲ ਹੀ ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਜਦੋਂ ਪਿਛਲੀ ਵਾਰ ਮੁੱਖ ਮੰਤਰੀ ਵਿਦੇਸ਼ ਗਏ ਸੀ, ਤਾਂ ਉਸ ਵੇਲੇ ਉਨ੍ਹਾਂ ਦੇ ਕੀ ਹਾਲਾਤ ਸਨ, ਇਹ ਸਭ ਨੂੰ ਪਤਾ ਹੈ। ਉਨ੍ਹਾਂ ਚਿੰਤਾ ਜਤਾਈ ਕਿ ਮੁੱਖ ਮੰਤਰੀ ਕਰਕੇ ਕਿਤੇ ਪੰਜਾਬ ਦੀ ਦੁਬਾਰਾ ਬਦਨਾਮੀ ਨਾ ਹੋ ਜਾਵੇ। ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਦੀ ਤਾਰੀਫ਼ ਕੀਤੇ ਜਾਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਕਿਸੇ ‘ਤੇ ਕੋਈ ਪਾਬੰਦੀ ਨਹੀਂ ਲਾਉਂਦੀ। ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸ਼ੁਰੂ ਤੋਂ ਹੀ ਪੰਜਾਬ ਨਾਲ ਖੁੰਦਕ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਅਤੇ ਸਿੱਖਾਂ ਨਾਲ ਮਾੜਾ ਹੀ ਕੀਤਾ ਹੈ।
