ਸੰਘਰਸ਼ ਕਮੇਟੀ ਵੱਲੋਂ ਮਾਨਸਾ ਸ਼ਹਿਰ ਦੀ ਵਾਰਡਬੰਦੀ ਦੀ ਦੁਰੁਸਤੀ, 21 ਮੈਂਬਰੀ ਸੰਘਰਸ਼ ਕਮੇਟੀ ਦੀ ਵੱਡੀ ਜਿੱਤ

ਮਾਨਸਾ, 23 ਅਪ੍ਰੈਲ (ਬਹਾਦਰ ਖ਼ਾਨ) : ਵੋਟਾਂ ਤੋਂ ਕੁਝ ਸਮਾਂ ਪਹਿਲਾਂ ਮਾਨਸਾ ਸ਼ਹਿਰ ਦੀ ਵਾਰਡਬੰਦੀ ਵਿੱਚ ਕੀਤੀਆਂ ਤਬਦੀਲੀਆਂ ਦੇ ਮਾਮਲੇ ਵਿੱਚ 21 ਮੈਂਬਰੀ ਸੰਘਰਸ਼ ਕਮੇਟੀ ਨੇ ਇੱਕ ਮਹੱਤਵਪੂਰਨ ਲੜਾਈ ਜਿੱਤੀ ਹੈ।
ਕਮੇਟੀ ਦੇ ਧਿਆਨ ਵਿੱਚ ਆਇਆ ਸੀ ਕਿ ਮਾਨਸਾ ਦੇ ਵਿਧਾਇਕ, ਆਮ ਆਦਮੀ ਪਾਰਟੀ ਦੇ ਕੁਝ ਅਹੁਦੇਦਾਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਾਰਡਬੰਦੀ ਵਿੱਚ ਵੱਡੇ ਪੱਧਰ ‘ਤੇ ਤਬਦੀਲੀਆਂ ਕੀਤੀਆਂ ਗਈਆਂ ਸਨ, ਜੋ ਕਿ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਦੇ ਖ਼ਿਲਾਫ ਸਨ।
ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਰਡਾਂ ਦੀ ਪੁਰਾਣੀ ਬਣਤਰ ਤੋਂ ਹਟ ਕੇ ਕਈ ਗਲੀਆਂ ਅਤੇ ਵੋਟਾਂ ਨੂੰ ਮਨਮਰਜ਼ੀ ਨਾਲ ਕੱਟਿਆ ਗਿਆ, ਜਿਸ ਨਾਲ ਸੱਤਾ ਧਿਰ ਦੇ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਕਈ ਵਾਰਡਾਂ ਵਿੱਚੋਂ 900 ਤੋਂ 1000 ਤੱਕ ਵੋਟਾਂ ਨੂੰ ਇਧਰ-ਉਧਰ ਕੀਤਾ ਗਿਆ।
21 ਮੈਂਬਰੀ ਸੰਘਰਸ਼ ਕਮੇਟੀ ਨੇ ਇਸ ਧੱਕੇ ਦੇ ਖ਼ਿਲਾਫ ਡਟ ਕੇ ਲੜਨ ਦਾ ਫੈਸਲਾ ਕੀਤਾ ਅਤੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਜਾਰੀ ਰਹੀ ਤਾਂ ਕਮੇਟੀ ਵੱਲੋਂ ਅਦਾਲਤ ਦੀ ਅਵਮਾਨਨਾ Contempt ਆਫ ਕੋਰਟ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਵਿੱਚ ਸੰਬੰਧਤ ਸਾਰੇ ਅਧਿਕਾਰੀ ਅਤੇ ਰਾਜਨੀਤਿਕ ਵਿਅਕਤੀਆਂ ਨੂੰ ਬਾਇਨਾਮ ਸ਼ਾਮਲ ਕੀਤਾ ਜਾਵੇਗਾ।
ਕਮੇਟੀ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਨਾਲ ਕਈ ਮੀਟਿੰਗਾਂ ਕਰਕੇ ਮਾਮਲੇ ਦੀ ਗੰਭੀਰਤਾ ਤੋਂ ਅਗਾਹ ਕਰਵਾਇਆ ਗਿਆ। ਇਸ ਦੇ ਨਾਲ ਹੀ ਕੁਝ ਮੈਂਬਰਾਂ ਨੇ ਲੋਕਲ ਬਾਡੀ ਵਿਭਾਗ ਨਾਲ ਸੰਪਰਕ ਕਰਕੇ ਵੱਡੇ ਪੱਧਰ ‘ਤੇ ਸੰਘਰਸ਼ ਦੀ ਚੇਤਾਵਨੀ ਵੀ ਦਿੱਤੀ।
ਕਮੇਟੀ ਦੀ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਡਿਪਟੀ ਕਮਿਸ਼ਨਰ ਅਤੇ ਏ.ਡੀ.ਸੀ ਮਾਨਸਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਬੀ. ਐਲ.ਓ ਨੂੰ ਹਾਈ ਕੋਰਟ ਦੇ ਹੁਕਮਾਂ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਤੀਜੇ ਵਜੋਂ ਵਾਰਡਬੰਦੀ ਨੂੰ ਮੁੜ ਪੁਰਾਣੇ ਪਲਾਨ ਅਨੁਸਾਰ ਠੀਕ ਕੀਤਾ ਗਿਆ ਹੈ ਅਤੇ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਾ ਹੈ।
ਇਹ 21 ਮੈਂਬਰੀ ਸੰਘਰਸ਼ ਕਮੇਟੀ ਦੀ ਵੱਡੀ ਜਿੱਤ ਹੈ।
ਕਮੇਟੀ ਦੇ ਮੈਂਬਰਾਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਹ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਅੱਗੇ ਵੀ ਸੰਘਰਸ਼ ਜਾਰੀ ਰੱਖਣਗੇ ਅਤੇ ਕਿਸੇ ਵੀ ਤਰ੍ਹਾਂ ਦੇ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਮੇਟੀ ਦੇ ਮੈਂਬਰ ਗੁਰਲਾਭ ਸਿੰਘ ਮਾਹਲ ਐਡਵੋਕੇਟ, ਮਾਣਿਕ ਗੋਇਲ, ਪ੍ਰੇਮ ਕੁਮਾਰ ਅਰੋੜਾ, ਨਾਜ਼ਰ ਸਿੰਘ ਮਾਨਸ਼ਾਹੀਆ ਸਾਬਕਾ ਵਿਧਾਇਕ , ਕਾਮਰੇਡ ਕ੍ਰਿਸ਼ਨ ਚੌਹਾਨ, ਧੰਨਾ ਮੱਲ ਗੋਇਲ, ਮਨਜੀਤ ਸਿੰਘ ਸੰਦਿਓੜਾ, ਹਰਵਿੰਦਰ ਸਿੰਘ ਮਾਨਸ਼ਾਹੀਆ, ਹਰਿੰਦਰ ਸ਼ਰਮਾ, ਬਲਜੀਤ ਸ਼ਰਮਾ, ਅੰਕੁਸ਼ ਜਿੰਦਲ ਅਤੇ ਰੁਲਦੂ ਸਿੰਘ ਮਾਨਸਾ ਨੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਪ੍ਰਸ਼ਾਸਨ ਵੱਲੋਂ ਨਿਰਪੱਖ ਤਰੀਕੇ ਨਾਲ ਕਰਵਾਉਣ ਦੀ ਅਪੀਲ ਕੀਤੀ ਹੈ।
