ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਦਾ ਲਾਭ ਨਿਰਧਾਰਤ ਕੀਤੇ ਸਮੇਂ ਅਨੁਸਾਰ ਲੋਕਾਂ ਨੂੰ ਦਿੱਤਾ ਜਾਵੇ-ਸ਼੍ਰੀ ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਵਿਭਾਗਾਂ ਦਾ ਕੀਤਾ ਅਚਨਚੇਤ ਦੌਰਾ,
ਪਠਾਨਕੋਟ, 27 ਅਪ੍ਰੈਲ , 2026 ( ਦੀਪਕ ਮੰਨੀ )
ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਲਿਕਪੁਰ , ਪਠਾਨਕੋਟ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਸਰਕਾਰੀ ਦਫਤਰਾਂ ਵਿੱਚ ਚੱਲ ਰਹੇ ਕੰਮਕਾਜ ਦੀ ਹਕੀਕਤੀ ਸਥਿਤੀ ਦਾ ਅੰਦਾਜ਼ਾ ਲਗਾਉਣਾ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਗੁਣਵੱਤਾ ਦੀ ਜਾਂਚ ਕਰਨਾ ਸੀ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ, ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਲੁਬਾਣਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ। ਦੌਰੇ ਦੌਰਾਨ ਕੈਬਨਿਟ ਮੰਤਰੀ ਸਭ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਪਠਾਨਕੋਟ ਵਿਖੇ ਪਹੁੰਚੇ ਅਤੇ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ਦਾ ਰਿਵਿਊ ਕੀਤਾ ਅਤੇ ਜਾਇਜ਼ਾ ਲਿਆ| ਇਸ ਤੋਂ ਇਲਾਵਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਫਰਦ ਕੇਂਦਰ, ਸੇਵਾ ਕੇਂਦਰ, ਲੇਬਰ ਦਫਤਰ ਅਤੇ ਇਲੈਕਸ਼ਨ ਵਿਭਾਗ ਦਾ ਵਿਸਥਾਰ ਨਾਲ ਜਾਇਜ਼ਾ ਲਿਆ।
ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਦਫਤਰਾਂ ਵਿੱਚ ਪੈਂਡਿੰਗ ਪਈਆਂ ਫਾਈਲਾਂ ਅਤੇ ਰਿਪੋਰਟਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲੋਕਾਂ ਵੱਲੋਂ ਦਿੱਤੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਨਭਲਾਈ ਸਕੀਮਾਂ ਅਧੀਨ ਹਰ ਇਕ ਸੇਵਾ ਨਿਰਧਾਰਤ ਸਮੇਂ ਅੰਦਰ ਹੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਉਨ੍ਹਾਂ ਨੇ ਕਰਮਚਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਦਫਤਰਾਂ ਵਿੱਚ ਆਉਣ ਵਾਲੇ ਹਰ ਨਾਗਰਿਕ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫਤਰ ਲੋਕਾਂ ਦੀ ਸਹੂਲਤ ਲਈ ਹਨ ਅਤੇ ਇੱਥੇ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਨ-ਸਤਿਕਾਰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਪੂਰੀ ਅਤੇ ਸਹੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਡਾ. ਪੱਲਵੀ ਡਿਪਟੀ ਕਮਿਸ਼ਨਰ ਨੇ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਂਦਾ ਹੈ ਅਤੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ।
ਇਸ ਦੌਰੇ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਅੰਦਾਜ਼ਾ ਲੱਗਣ ਦੇ ਨਾਲ-ਨਾਲ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਤੇਜ਼ੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਨਾ ਮਿਲੀ ਹੈ। ਕੈਬਨਿਟ ਮੰਤਰੀ ਨੇ ਆਖ਼ਿਰ ਵਿੱਚ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਅਚਾਨਕ ਦੌਰੇ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ।
