ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 1 ਮਈ ਨੂੰ

0

ਮਜ਼ਦੂਰ ਦਿਵਸ ਮੌਕੇ ਕਿਰਤੀਆਂ ਉੱਤੇ ‘ਜੀ ਰਾਮ ਜੀ’ ਸਕੀਮ ਦੇ ਅਸਰ ਬਾਰੇ ਚਰਚਾ ਹੋਵੇਗੀ; ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਜਾਵੇਗਾ

ਚੰਡੀਗੜ੍ਹ, 29 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ): ਪੰਜਾਬ ਸਰਕਾਰ ਨੇ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਵਜ਼ਾਰਤ ਦੀ ਬੈਠਕ ਹੋਈ, ਜਿਸ ਵਿੱਚ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਸਬੰਧੀ ਪ੍ਰਵਾਨਗੀ ਦਿੱਤੀ ਗਈ। ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਮਨਰੇਗਾ ਸਕੀਮ ਨੂੰ ਬਦਲ ਕੇ ‘ਜੀ ਰਾਮ ਜੀ ਸਕੀਮ’ ਨੂੰ ਲਾਗੂ ਕਰਨ ਨਾਲ ਮਜ਼ਦੂਰ ਵਰਗ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਮਜ਼ਦੂਰ ਦਿਵਸ ’ਤੇ ਸੱਦੇ ਵਿਸ਼ੇਸ਼ ਇਜਲਾਸ ਰਾਹੀਂ ਕੇਂਦਰ ਸਰਕਾਰ ਦੀ ਘੇਰਾਬੰਦੀ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਮਜ਼ਦੂਰ ਹਿਤੈਸ਼ੀ ਹੋਣ ਦਾ ਪ੍ਰਗਟਾਵਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਇਕ ਦਿਨਾ ਵਿਸ਼ੇਸ਼ ਇਜਲਾਸ ਦੌਰਾਨ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਕਿਰਤੀ ਵਰਗ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਜ਼ਦੂਰ ਵਰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸੂਬੇ ਭਰ ਤੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਇਸ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿਕਾਸ ਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਦਰਪੇਸ਼ ਚੁਣੌਤੀਆਂ ’ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਦਾ ਫੈ਼ਸਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਕ ਦਿਨਾ ਵਿਸ਼ੇਸ਼ ਇਜਲਾਸ ਸੱਦਿਆ ਸੀ। ਉਸ ਦੌਰਾਨ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਸੀ। ਇਸ ਦੇ ਨਾਲ ਹੀ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ।

Leave a Reply

Your email address will not be published. Required fields are marked *