ਬਿਨਾਂ ਸਬੂਤ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਚਿੰਤਾਜਨਕ : ਐਡਵੋਕੇਟ ਇਮਾਨ ਸਿੰਘ ਖਾਰਾ, ਹਲਕਾ ਇੰਚਾਰਜ ਸਰਦੂਲਗੜ੍ਹ, ਅਕਾਲੀ ਦਲ ਵਾਰਿਸ ਪੰਜਾਬ ਦੇ

ਰਾਜਪੁਰਾ ਰੇਲ ਟਰੈਕ ਧਮਾਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ, ਬੇਕਸੂਰਾਂ ਦੀ ਰਿਹਾਈ ਲਈ ਆਵਾਜ਼ ਉਠੀ
=======================
ਸਰਦੂਲਗੜ 2 ਮਈ ( ਲਛਮਣ ਸਿੱਧੂ ) ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਬਿਨਾਂ ਕਿਸੇ ਪੁਖਤਾ ਸਬੂਤ ਦੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਸ਼ੱਕ ਦੇ ਘੇਰੇ ਵਿੱਚ ਲਿਆਉਣ ਅਤੇ ਗ੍ਰਿਫ਼ਤਾਰ ਕਰਨ ‘ਤੇ ਕਾਨੂੰਨੀ ਵਰਗਾਂ ਵੱਲੋਂ ਗੰਭੀਰ ਚਿੰਤਾ ਜਤਾਈ ਜਾ ਰਹੀ ਹੈ। ਇਸ ਸੰਦਰਭ ਵਿੱਚ ਪੰਜਾਬ ਅਤੇ ਹਰਿਆਣਾਂ ਹਾਈਕੋਰਟ ਦੇ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸੇ ਵੀ ਅਪਰਾਧਿਕ ਮਾਮਲੇ ਦੀ ਜਾਂਚ ਕਾਨੂੰਨੀ ਮਿਆਰਾਂ ਅਤੇ ਪਾਰਦਰਸ਼ੀ ਪ੍ਰਕਿਰਿਆ ਅਧੀਨ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਪਹਿਲਾਂ ਹੀ ਇੱਕ ਖ਼ਾਸ ਵਰਗ ਨੂੰ ਨਿਸ਼ਾਨਾ ਬਣਾਉਣਾ ਨਿਆਂ ਪ੍ਰਣਾਲੀ ਦੇ ਅਸੂਲਾਂ ਦੇ ਉਲਟ ਹੈ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਨੌਜਵਾਨਾਂ ਨੂੰ ਇਸ ਨਾਲ ਜੋੜਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹਨਾਂ ਦੇ ਪਰਿਵਾਰਾਂ ਨੇ ਸਾਹਮਣੇ ਆ ਕੇ ਦਾਅਵਾ ਕੀਤਾ ਹੈ ਕਿ ਉਹ ਆਮ ਕਿਰਤੀ ਲੋਕ ਹਨ ਅਤੇ ਉਹਨਾਂ ਦੇ ਬੱਚਿਆਂ ਦਾ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨਾਲ ਕੋਈ ਲੈਣਾ-ਦੇਣਾ ਨਹੀਂ। ਪਰਿਵਾਰਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਬੱਚੇ ਅਜਿਹੀਆਂ ਘਟਨਾਵਾਂ ਬਾਰੇ ਸੋਚ ਵੀ ਨਹੀਂ ਸਕਦੇ। ਐਡਵੋਕੇਟ ਖਾਰਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਡਰ ਦਾ ਮਾਹੌਲ ਬਣਦਾ ਹੈ, ਜੋ ਕਿ ਇੱਕ ਲੋਕਤੰਤਰਿਕ ਸਮਾਜ ਲਈ ਠੀਕ ਸੰਕੇਤ ਨਹੀਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਹੈ, ਤਾਂ ਉਸਦੇ ਖ਼ਿਲਾਫ਼ ਪੱਕੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਪਰ ਪੂਰੇ ਸਮਾਜ ਨੂੰ ਬਦਨਾਮ ਕਰਨਾ ਕੱਤਈ ਜਾਇਜ਼ ਨਹੀਂ। ਉਨ੍ਹਾਂ ਨੇ ਸੰਬੰਧਿਤ ਏਜੰਸੀਆਂ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਬੇਕਸੂਰ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਹਨ ਤਾਂ ਉਹਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਹਰੇਕ ਕਿਸਮ ਦੀ ਹਿੰਸਾ ਅਤੇ ਅਪਰਾਧ ਦੀ ਨਿੰਦਾ ਕਰਨੀ ਜ਼ਰੂਰੀ ਹੈ, ਪਰ ਨਾਲ ਹੀ ਇਹ ਵੀ ਲਾਜ਼ਮੀ ਹੈ ਕਿ ਕਾਨੂੰਨ ਦੀ ਆੜ ‘ਚ ਕਿਸੇ ਖ਼ਾਸ ਕੌਮ ਜਾਂ ਵਰਗ ਨੂੰ ਨਿਸ਼ਾਨਾ ਨਾਂ ਬਣਾਇਆ ਜਾਵੇ।
