ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਅੱਜ ਤੋਂ ਪੂਰੇ ਪੰਜਾਬ ਵਿੱਚ ਸੰਘਰਸ਼ ਤੇਜ਼ ਕਰਨ ਦਾ ਐਲਾਨ

ਗੁਰੂ ਹਰ ਸਹਾਏ (ਮਿੰਟੂ ਕੰਧਾਰੀ) ਸ਼ਹਿਰ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵੱਲੋਂ ਚੱਲ ਰਹੀ ਹੜਤਾਲ ਛੇਵੇਂ ਦਿਨ ਵੀ ਲਗਾਤਾਰ ਜਾਰੀ ਰਹੀ, ਜਿਸ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਹੜਤਾਲ ਕਾਰਨ ਬਾਜ਼ਾਰਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ, ਜਦਕਿ ਕਈ ਥਾਵਾਂ ‘ਤੇ ਸੀਵਰੇਜ ਜਾਮ ਹੋਣ ਨਾਲ ਗੰਦਾ ਪਾਣੀ ਸੜਕਾਂ ‘ਤੇ ਫੈਲ ਗਿਆ ਹੈ। ਇਸ ਨਾਲ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ । ਹੜਤਾਲ ‘ਤੇ ਬੈਠੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਫ਼ੀ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ। ਕਰਮਚਾਰੀਆਂ ਮੁਤਾਬਕ ਉਨ੍ਹਾਂ ਨੂੰ ਪੈਂਡਿੰਗ ਭਰਤੀਆਂ, ਨਿਯਮਿਤ ਤਨਖਾਹ, ਸੁਰੱਖਿਆ ਸਾਮਾਨ, ਪੱਕੀ ਨੌਕਰੀ ਅਤੇ ਹੋਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਉਹ ਆਰਥਿਕ ਅਤੇ ਸਮਾਜਕ ਤੌਰ ‘ਤੇ ਪਰੇਸ਼ਾਨ ਹਨ । ਇਸ ਸਬੰਧੀ ਜ਼ਿਲ੍ਹਾ ਅਧਿਕਾਰੀ ਸੁਨੀਲ ਕੁਮਾਰ, ਸਥਾਨਕ ਪ੍ਰਧਾਨ ਰਾਕੇਸ਼ ਕੁਮਾਰ ਅਤੇ ਉਪ ਪ੍ਰਧਾਨ ਸੋਨੂ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਅੱਜ ਤੋਂ ਇਹ ਹੜਤਾਲ ਪੂਰੇ ਪੰਜਾਬ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਵਿੱਚ ਸੂਬੇ ਭਰ ਦੇ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਲੜਾਈ ਕਰਮਚਾਰੀਆਂ ਦੇ ਹੱਕਾਂ ਲਈ ਹੈ ਅਤੇ ਇਸ ਨੂੰ ਹਰ ਹਾਲਤ ਵਿੱਚ ਜਾਰੀ ਰੱਖਿਆ ਜਾਵੇਗਾ । ਇਸ ਦੌਰਾਨ ਧਰਨੇ ਨੂੰ ਸਮਰਥਨ ਦੇਣ ਲਈ ਭਾਜਪਾ ਦੇ ਆਗੂ ਰਾਣਾ ਰਾਏ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਸਾਗਰ ਨਰੂਲਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦੇ ਹੋਏ ਸਰਕਾਰ ‘ਤੇ ਨਿਸ਼ਾਨਾ ਸਾਧਿਆ ਕਿ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਨੂੰ ਤੁਰੰਤ ਤਬਦੀਲ ਕੀਤਾ ਜਾਵੇ, ਕਿਉਂਕਿ ਉਹ ਪਿਛਲੇ 6 ਦਿਨਾਂ ਤੋਂ ਆਪਣੀਆਂ ਮੰਗਾਂ ਲਈ ਬੈਠੇ ਕਰਮਚਾਰੀਆਂ ਦੀ ਸਾਰ ਲੈਣ ਤੱਕ ਨਹੀਂ ਪਹੁੰਚੇ । ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਕੂੜੇ ਦੇ ਢੇਰਾਂ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਵੱਡੀ ਦਿਕ਼ਤ ਆ ਰਹੀ ਹੈ। ਕਈ ਥਾਵਾਂ ‘ਤੇ ਸੀਵਰੇਜ ਦਾ ਪਾਣੀ ਗਲੀਆਂ ਵਿੱਚ ਖੜ੍ਹਾ ਹੋਣ ਕਰਕੇ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਸਫ਼ਾਈ ਪ੍ਰਣਾਲੀ ਬਹਾਲ ਨਾ ਹੋਈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ । ਹੜਤਾਲ ਕਾਰਨ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਹੋ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਪਹਿਲਾਂ ਹੀ ਇਸ ਸਥਿਤੀ ਨਾਲ ਨਿਪਟਣ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਸਨ। ਹੁਣ ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ । ਇਸ ਦੌਰਾਨ ਕੁਝ ਸਮਾਜਿਕ ਸੰਗਠਨਾਂ ਅਤੇ ਸਥਾਨਕ ਆਗੂਆਂ ਨੇ ਵੀ ਕਰਮਚਾਰੀਆਂ ਦੇ ਸਮਰਥਨ ਵਿੱਚ ਅੱਗੇ ਆ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਤੋਂ ਜਲਦੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ । ਸ਼ਹਿਰ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹੜਤਾਲ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਸਫ਼ਾਈ ਪ੍ਰਣਾਲੀ ਮੁੜ ਪਟੜੀ ‘ਤੇ ਆ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਵੇਲੇ ਸਭ ਦੀਆਂ ਨਿਗਾਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ ।
