ਬੀਜੇਪੀ ਦੀ ਜਿੱਤ ਦੇਸ਼ ਦੇ ਲੋਕਾਂ ਦਾ ਪਾਰਟੀ ਤੇ ਵਿਸਵਾਸ਼ :ਗਗਰੋਲੀ

ਸਨੌਰ, (ਰਾਜਿੰਦਰ ਥਿੰਦ )
ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪਾਰਟੀ ਲਗਾਤਾਰ ਨਵੀਆਂ ਉਚਾਈਆਂ ਛੂਹ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗ ਦਰਸ਼ਨ ਨੂੰ ਵੀ ਇਸ ਜਿੱਤ ਦਾ ਮੁੱਖ ਕਾਰਨ ਦੱਸਿਆ। ਭੰਗੂ ਨੇ ਕਿਹਾ ਕਿ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਭਾਜਪਾ ਵੱਲੋਂ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਾ ਪਾਰਟੀ ਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਭਰੋਸੇ ਦਾ ਪ੍ਰਮਾਣ ਹੈ। ਉਨ੍ਹਾਂ ਇਸ ਮੌਕੇ ‘ਤੇ ਪਾਰਟੀ ਦੇ ਸਮਰਪਿਤ ਵਰਕਰਾਂ ਦੀ ਭੂਮਿਕਾ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਵਰਕਰਾਂ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਨਾਲ ਹੀ ਇਹ ਸੰਭਵ ਹੋ ਸਕਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਪੱਛਮੀ ਬੰਗਾਲ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਨਕਾਰਦੇ ਹੋਏ “ਸਬਕਾ ਸਾਥ, ਸਬਕਾ ਵਿਕਾਸ” ਦੇ ਨਾਰੇ ਨੂੰ ਸਵੀਕਾਰਿਆ ਹੈ। ਭੰਗੂ ਨੇ ਕਿਹਾ ਕਿ ਅਸਾਮ ਵਿੱਚ ਪਹਿਲਾਂ ਤੋਂ ਹੀ ਭਾਜਪਾ ਦੀ ਸਰਕਾਰ ਸੀ ਅਤੇ ਉਥੇ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਲੋਕਾਂ ਨੇ ਦੁਬਾਰਾ ਪਾਰਟੀ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਆਗੇ ਕਿਹਾ ਕਿ ਜਿਵੇਂ ਪੁਡੂਚੇਰੀ ਵਿੱਚ ਭਾਜਪਾ ਨੇ ਮਜ਼ਬੂਤੀ ਨਾਲ ਸਰਕਾਰ ਬਣਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਭੀ ਭਾਰਤੀਯ ਜਨਤਾ ਪਾਰਟੀ ਨੂੰ ਆਪਣਾ ਅਸ਼ੀਰਵਾਦ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਬਦਲਾਅ ਦੀ ਇੱਛਾ ਰੱਖਦੇ ਹਨ ਅਤੇ ਵਿਕਾਸਮੁੱਖੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਅਖੀਰ ਵਿੱਚ ਭੰਗੂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਸੇਵਾ ਲਈ ਵਚਨਬੱਧ ਰਹੇਗੀ।
