ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

0

ਅੰਮ੍ਰਿਤਸਰ, (  ਮਨਜੀਤ ਸਿੰਘ ਸ਼ੇਰਗਿੱਲ )   

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਕਿਉਂਕਿ ਇਹ ਮਸਲਾ ਸਾਡੇ ਵਾਤਾਵਰਨ ਅਤੇ ਮਨੁੱਖ ਸਮੇਤ ਹਰ ਜੀਵ ਜੰਤੂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਨਾਲ ਹੀ ਉਹ ਫਸਲੀ ਰਹਿੰਦ-ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਕਿਵੇਂ ਨਿਪਟਾਰਾ ਕਰ ਸਕਦੇ ਹਨ ਇਸ ਬਾਰੇ ਦੱਸਿਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ, ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਪੰਚਾਇਤਾਂ ਕੋਲ ਖੇਤੀ ਸੰਦ ਉਪਲੱਬਧ ਹਨ ਜਿਨ੍ਹਾਂ ਦੀ ਮਦਦ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ, ਭੱਠਿਆਂ ਆਦਿ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅਧਿਕਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦਾ ਸਾਥ ਲੈ ਕੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਦੇ ਰਾਹੀਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਜਿਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਇਸ ਨਾਲ ਜ਼ਮੀਨ ਦੀ ਉੁਪਜਾਊ ਸ਼ਕਤੀ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।

Leave a Reply

Your email address will not be published. Required fields are marked *