ਭਗਤਾ ਭਾਈਕਾ ਦੀਆਂ ਸੜਕਾਂ ਦੇ ਨਵੀਨੀਕਰਨ ਲਈ ਲੱਗਭਗ 7 ਕਰੋੜ ਦੇ ਨੀਂਹ ਪੱਥਰ ਰੱਖੇ

0

ਭਗਤਾ ਭਾਈ ਕਾ,   ( ਰਾਜਿੰਦਰਪਾਲਸ਼ਰਮਾ ) : ਹਲਕਾ ਰਾਮਪੁਰਾ ਫੂਲ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਵਿਧਾਇਕ ਬਲਕਾਰ ਸਿੱਧੂ ਵੱਲੋਂ ਅੱਜ ਭਗਤਾ ਭਾਈਕਾ ਸ਼ਹਿਰ ਵਿੱਚ ਲੱਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ-ਪੱਖੀ ਨੀਤੀਆਂ ਕਾਰਨ ਅੱਜ ਪੰਜਾਬ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਹਰ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਵਿਧਾਇਕ  ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਸਿਆਸਤ ਵਿੱਚ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਿਕਾਸ ਕਾਰਜ ਸਿਰਫ਼ ਕਾਗਜ਼ਾਂ ਤੱਕ ਸੀਮਿਤ ਰਹਿੰਦੇ ਸਨ, ਪਰ ਮਾਨ ਸਰਕਾਰ ਦੇ ਦੌਰ ਵਿੱਚ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਵਿਕਾਸ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਹਿਨੁਮਾਈ ਹੇਠ ਹਲਕੇ ਦੀਆਂ ਟੁੱਟੀਆਂ ਅਤੇ ਖ਼ਰਾਬ ਸੜਕਾਂ ਦਾ ਨਵੀਨੀਕਰਨ ਤਰਜੀਹ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਮਿਲ ਸਕੇ। ਉਨ੍ਹਾਂ ਦੱਸਿਆ ਕਿ ਭਗਤਾ ਭਾਈਕਾ ਸ਼ਹਿਰ ਦੀਆਂ ਕਈ ਮੁੱਖ ਸੜਕਾਂ ਲੰਮੇ ਸਮੇਂ ਤੋਂ ਮੁਰੰਮਤ ਦੀ ਮੰਗ ਕਰ ਰਹੀਆਂ ਸਨ, ਜਿਨ੍ਹਾਂ ਦੇ ਨਵੀਨੀਕਰਨ ਨਾਲ ਵਪਾਰ, ਆਵਾਜਾਈ ਅਤੇ ਰੋਜ਼ਾਨਾ ਜ਼ਿੰਦਗੀ ਵਿੱਚ ਵੱਡਾ ਸੁਧਾਰ ਆਵੇਗਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣਾ ਹੈ ਅਤੇ ਇਸੇ ਸੋਚ ਤਹਿਤ ਹਲਕਾ ਰਾਮਪੁਰਾ ਫੂਲ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ  ਚੇਅਰਮੈਨ ਬੇਅੰਤ ਸਿੰਘ ਧਾਲੀਵਾਲ, ਬਿੰਦਰ ਖਾਨਦਾਨ ਬਲਾਕ ਪ੍ਰਧਾਨ, ਜਗਸੀਰ ਸਿੰਘ ਪੰਨੂ,ਸੁਰੇਸ਼ ਕੁਮਾਰ ਕਾਲਾ ਸੇਤੀਆ,ਏਕਮ ਸਿੰਘ, ਸੰਜੀਵ ਬੰਟੀ,ਦੀਪਕ ਮਿੱਤਲ, ਰਾਜ ਸੇਤੀਆ, ਅਨੀਕੇਤ ਸੇਤੀਆ,ਰਾਜਵਿੰਦਰ ਭਗਤਾ, ਗੁਰਪ੍ਰੀਤ ਸਿੰਘ ਸਲਾਬਤਪੁਰਾ, ਨਵਜੋਤ ਢਿੱਲੋਂ, ਰਾਜਾ ਹਮੀਰਗੜ੍ਹ, ਪਾਰਟੀ ਆਗੂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *