ਪੰਜਾਬ ’ਚ ਸਥਾਨਕ ਚੋਣਾਂ ਦਾ ਵੱਜਿਆ ਬਿਗਲ: 9 ਨਿਗਮਾਂ ਤੇ 104 ਕੌਂਸਲਾਂ ਦੇ ਸਿਆਸੀ ‘ਦੰਗਲ’ ਦਾ ਐਲਾਨ ਅੱਜ

0

ਚੰਡੀਗੜ੍ਹ, 11 ਮਈ (ਨਿਊਜ਼ ਟਾਊਨ ਨੈਟਵਰਕ): ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਸੂਬੇ ਦੀਆਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਚੋਣਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਅੱਜ ਦੁਪਹਿਰ ਬਾਅਦ ਚੋਣ ਪ੍ਰੋਗਰਾਮ ਜਾਰੀ ਹੁੰਦੇ ਹੀ ਸੂਬੇ ਭਰ ਵਿੱਚ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਵੇਗਾ। ਇਨ੍ਹਾਂ ਚੋਣਾਂ ਨੂੰ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ ਅਤੇ ਅੰਤਿਮ ਸੂਚੀਆਂ 5 ਮਈ ਨੂੰ ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

ਇਸ ਵਾਰ ਚੋਣਾਂ ਦਾ ਮੈਦਾਨ ਕਾਫ਼ੀ ਭਖਣ ਦੀ ਉਮੀਦ ਹੈ ਕਿਉਂਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਮੁੜ ਉਭਰ ਰਹੇ ਭਾਜਪਾ ਤੇ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਤੋਂ ਵੀ ਸਖ਼ਤ ਚੁਣੌਤੀ ਮਿਲ ਰਹੀ ਹੈ। ਲਗਭਗ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨਾਂ ’ਤੇ ਮੈਦਾਨ ਵਿੱਚ ਉਤਰਨਗੀਆਂ। ਜ਼ਿਕਰਯੋਗ ਹੈ ਕਿ ਬਠਿੰਡਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਬਟਾਲਾ, ਮੁਹਾਲੀ, ਅਬੋਹਰ, ਬਰਨਾਲਾ ਅਤੇ ਕਪੂਰਥਲਾ ਨਗਰ ਨਿਗਮਾਂ ਲਈ ਇਹ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਰਕਾਰ ਨੇ ਇਨ੍ਹਾਂ ਸੰਸਥਾਵਾਂ ਨੂੰ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰ ਦਿੱਤੇ ਸਨ, ਪਰ ਹੁਣ ਚੁਣੇ ਹੋਏ ਨੁਮਾਇੰਦਿਆਂ ਦੇ ਹੱਥ ਮੁੜ ਕਮਾਨ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

Leave a Reply

Your email address will not be published. Required fields are marked *

You may have missed