ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੀਆਂ ਦੋ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜਿਆਂ ’ਚ ਮਾਰੀ ਬਾਜ਼ੀ

(ਰਵਨੀਤ ਕੌਰ ਨੇ ਪੰਜਾਬ ’ਚੋਂ 10ਵਾਂ ਅਤੇ ਪਰਨੀਤ ਕੌਰ ਨੇ 19ਵਾਂ ਸਥਾਨ ਕੀਤਾ ਹਾਸਲ)
ਤਲਵੰਡੀ ਸਾਬੋ, 11 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਤਲਵੰਡੀ ਸਾਬੋ ਬਲਾਕ ਦੇ ਪਿੰਡ ਜੋਗੇਵਾਲਾ ਸਥਿਤ ਗੁਰੂ ਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ ’ਤੇ ਮੈਰਿਟ ਵਿੱਚ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਸ੍ਰੀ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 650 ਵਿੱਚੋਂ 635 ਅੰਕ ਪ੍ਰਾਪਤ ਕੀਤੇ,97.69 ਫੀਸਦੀ ਨੰਬਰਾਂ ਨਾਲ ਪੰਜਾਬ ਭਰ ਵਿੱਚੋਂ 10ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਰਾਂ ਦੱਸਿਆ ਕਿ ਪਹਿਲਾਂ ਵੀ ਰਵਨੀਤ ਕੌਰ ਨੇ ਅੱਠਵੀਂ ਜਮਾਤ ਵਿੱਚ ਮੈਰਿਟ ਵਿੱਚੋ 9ਵਾਂ ਰੈਂਕ ਪ੍ਰਾਪਤ ਕੀਤਾ ਸੀ। ਇਸ ਤਰ੍ਹਾਂ ਪਰਨੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ 650 ਵਿੱਚੋਂ 626 ਅੰਕ ਪ੍ਰਾਪਤ ਕਰਦੇ ਹੋਏ 96.31 ਫੀਸਦੀ ਨੰਬਰਾਂ ਨਾਲ ਪੰਜਾਬ ਵਿੱਚੋਂ 19ਵਾਂ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਕੜੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਕੂਲ ਸਟਾਫ਼, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਦੋਵਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
