80 ਕਿਲੋ ਚੂਰਾ ਪੋਸਤ ਸਮੇਤ ਕਾਰ ਸਣੇ ਦੋ ਨਸ਼ਾ ਤਸਕਰ ਕਾਬੂ

ਗੁਰੂ ਹਰ ਸਹਾਏ 11 ਮਈ (ਮਿੰਟੂ ਕੰਧਾਰੀ) ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ 80 ਕਿਲੋ ਚੂਰਾ ਪੋਸਤ ਸਮੇਤ ਇਕ ਕਾਰ ਅਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਜੋਰਾ ਸਿੰਘ ਪੁੱਤਰ ਜੋਤਾ ਸਿੰਘ ਵਾਸੀ ਪਿੰਡ ਤਲਵੰਡੀ ਮੋਤਾ ਸਿੰਘ ਜ਼ਿਲ੍ਹਾ ਤਰਨਤਾਰਨ ਅਤੇ ਬੂਟਾ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਤਲਵੰਡੀ ਸੋਭਾ ਸਿੰਘ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤੇਜਿੰਦਰ ਪਾਲ ਸਿੰਘ ਅਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 80 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਵਿਅਕਤੀਆਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ । ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਮਹੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਚੂਰਾ ਪੋਸਤ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ । ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ।
