ਨਗਰ ਨਿਗਮ/ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰ ਚੁੱਕਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

0

ਬਰਨਾਲਾ, 13 ਮਈ (ਗੋਬਿੰਦਰ ਸਿੰਘ ਸਿੱਧੂ) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਮਿਤੀ 26-05-2026 ਨਿਰਧਾਰਿਤ ਕੀਤੀ ਗਈ ਹੈ। ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਭਦੌੜ ਅਤੇ ਧਨੌਲਾ ਦੀ ਚੋਣ ਹੋਣੀ ਹੈ।
ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਹਥਿਆਰ ਚੁੱਕਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ‘ਦਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023’ ਦੀ ਧਾਰਾ 163 ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੂਰੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਅਸਲਾ/ਹਥਿਆਰ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਹਥਿਆਰ ਚੁੱਕਣ ਜਾਂ ਨਾਲ ਲੈ ਕੇ ਚੱਲਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਵੇਂ ਅਸਲਾ ਲਾਇਸੰਸੀ ਹੀ ਕਿਉਂ ਨਾ ਹੋਵੇ, ਓਸਨੂੰ ਨੂੰ ਜਨਤਕ ਥਾਵਾਂ ‘ਤੇ ਅਸਲਾ ਚੁੱਕਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਪਾਬੰਦੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਗਾਈ ਗਈ ਹੈ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਵਰਦੀਧਾਰੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਵਿੱਚ ਸਹਿਯੋਗ ਦੇਣ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *