ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਗਰ ਕੌਂਸਲ ਮਾਲੇਰਕੋਟਲਾ ਵਿੱਚ 1 ਉਮੀਦਵਾਰ ਵੱਲੋਂ ਦਾਖਲ ਕੀਤੀ ਨਾਮਜਦਗੀ
ਮਾਲੇਰਕੋਟਲਾ 14 ਮਈ ( ਮੁਨਸ਼ੀ ਫ਼ਾਰੂਕ) ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਗਰ ਕੌਂਸਲ ਮਾਲੇਰਕੋਟਲਾ ਲ਼ਈ 1 ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਇਲਾਵਾ ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਵਧੀਕ ਜ਼ਿਲਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ 16 ਮਈ ਦਿਨ ਸ਼ਨੀਵਾਰ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18 ਮਈ ਦਿਨ ਸੋਮਵਾਰ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ ਦਿਨ ਮੰਗਲਵਾਰ ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੇ ਚਾਹਵਾਨ ਉਮੀਦਵਾਰ ਆਪਣੇ ਖੇਤਰ ਦੇ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਦੀ ਖ਼ਰਚਾ ਸੀਮਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ ਖ਼ਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-2 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-3 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਅਮਨ- ਅਮਾਨ ਨਾਲ ਨੇਪਰੇ ਚਾੜਨ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜੋ ਨਿਰਧਾਰਤ ਸਥਾਨਾਂ ’ਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
