ਹਰਿਆਣਾ ‘ਚ 25 ਮਈ ਤੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਮੀਟਿੰਗ ’ਚ ਲਿਆ ਫੈਸਲਾ
ਚੰਡੀਗੜ੍ਹ, 20 ਮਈ (ਦੁਰਗੇਸ਼ ਗਾਜਰੀ) : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਸਕੂਲਾਂ ਵਿੱਚ 25 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਹੋਈ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਕੂਲਾਂ ਵਿੱਚ 25 ਮਈ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਹੋਣਗੀਆਂ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਸਕੂਲਾਂ ਵਿੱਚ ਕੋਈ ਵੀ ਅਧਿਆਪਕ ਕਲਾਸਰੂਮ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ਨਹੀਂ ਕਰੇਗਾ। ਇਸ ਤੋਂ ਇਲਾਵਾ ਵੀ ਹਰਿਆਣਾ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਕਈ ਹੋਰ ਅਹਿਮ ਫ਼ੈਸਲੇ ਲਏ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਉੱਤਰ ਭਾਰਤ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਗਰਮੀ ਦਾ ਕਹਿਰ ਜਾਰੀ ਹੈ। ਅੱਜ ਵੀ ਹਰਿਆਣਾ ਅਤੇ ਪੰਜਾਬ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਪਾਰ ਟੱਪ ਗਿਆ ਹੈ। ਮੌਸਮ ਵਿਗਿਆਨੀਆਂ ਨੇ 25 ਮਈ ਤੱਕ ਉੱਤਰ ਭਾਰਤ ਵਿੱਚ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸੇ ਕਾਰਨ ਮੌਸਮ ਵਿਭਾਗ ਵੱਲੋਂ 20 ਤੋਂ 25 ਮਈ ਤੱਕ ਦੋਵਾਂ ਸੂਬਿਆਂ ਵਿੱਚ ‘ਔਰੈਂਜ ਅਲਰਟ’ ਜਾਰੀ ਕਰ ਦਿੱਤਾ ਗਿਆ ਹੈ।
