ਬਠਿੰਡਾ ‘ਚ ਸੰਗਤ ਮੰਡੀ ਦੇ 3 ਵਾਰਡਾਂ ਦੇ ਅਕਾਲੀ ਦਲ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਬਠਿੰਡਾ, 20 ਮਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਅੰਦਰ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਪਰ ਜ਼ਿਲ੍ਹਾ ਬਠਿੰਡਾ ਦੀ ਸੰਗਤ ਮੰਡੀ ਵਿੱਚ ਇੱਕ ਵੱਖਰੀ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ, ਜਿੱਥੇ ਨਗਰ ਕੌਂਸਲ ਸੰਗਤ ਮੰਡੀ ਦੇ 9 ਵਾਰਡਾਂ ਵਿੱਚੋਂ ਤਿੰਨ ਵਾਰਡਾਂ ਤੇ ਬਿਨਾਂ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਦਿਹਾਤੀ ਦੇ ਇਸ ਇਲਾਕੇ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਹੂੰਝਾ ਫਿਰ ਜਿੱਤ ਹਾਸਿਲ ਕਰਕੇ ਆਪਣੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਾਏ ਸਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 4, ਵਾਰਡ ਨੰਬਰ 5 ਅਤੇ ਵਾਰਡ ਨੰਬਰ 8 ਵਿੱਚ ਬਿਨਾਂ ਮੁਕਾਬਲੇ ਜੇਤੂ ਰਹੇ ਹਨ। ਜੇਤੂ ਉਮੀਦਵਾਰਾਂ ਨੇ ਸੰਗਤ ਮੰਡੀ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੰਡੀ ਨੇ ਏਕੇ ਦਾ ਸਬੂਤ ਦਿੰਦੇ ਹੋਏ ਉਹਨਾਂ ਨੂੰ ਜਿੱਤ ਹਾਸਿਲ ਕਰਵਾਈ ਹੈ ਅਤੇ ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਾਇਆ ਕਿ ਚੋਣਾਂ ਵਿੱਚ ਖੜੇ ਕਰਨ ਲਈ ਉਮੀਦਵਾਰ ਤੱਕ ਨਹੀਂ ਮਿਲੇ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਵੀ ਕੰਮ ਨਹੀਂ ਕੀਤਾ, ਜਿਸ ਕਰਕੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ। ਆਗੂਆਂ ਨੇ ਇੱਥੇ ਪੰਜ ਵਾਰਡਾਂ ਵਿੱਚ ਵੀ ਅਕਾਲੀ ਦਲ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਬੇਸ਼ੱਕ ਵੱਡੀ ਗਿਣਤੀ ਚ ਲੋਕ ਅਕਾਲੀ ਦਲ ਦੇ ਹੱਕ ਵਿੱਚ ਹਨ ਪਰ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਨੂੰ ਇਸ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਨਾਲ ਨਾਲ ਨਿਰਪੱਖ ਚੋਣ ਕਰਾਉਣ ਦੀ ਮੰਗ ਵੀ ਕੀਤੀ।
