ਗਰਮੀ ਦੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ–ਡਿਪਟੀ ਕਮਿਸ਼ਨਰ

0

ਅੰਮ੍ਰਿਤਸਰ, (ਮਨਜੀਤ ਸਿੰਘ ਸ਼ੇਰਗਿੱਲ ): ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ (Heat Wave) ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।  ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੀ, ਜਿਸ ਨੂੰ ਹੁਣ 25 ਮਈ 2026 ਤੋਂ ਸਵੇਰੇ 7:30 ਵਜੇ ਤੋਂ ਦੁਪਹਿਰ 3:30 ਵਜੇ ਤੱਕ ਕਰ ਦਿੱਤਾ ਗਿਆ ਹੈ। ਇਹ ਸਮਾਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿੱਚ ਪਹੁੰਚਣ ਅਤੇ ਗਰਮੀ ਤੋਂ ਬਚਾਅ ਲਈ ਸਵੇਰ ਦੇ ਸਮੇਂ ਨੂੰ ਤਰਜੀਹ ਦੇਣ। ਇਸ ਸਬੰਧੀ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (District Technical Coordinator) ਸ਼੍ਰੀ ਪ੍ਰਿੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 41 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ ਨਾਗਰਿਕ ਵੱਖ-ਵੱਖ ਸਰਕਾਰੀ ਸੇਵਾਵਾਂ ਜਿਵੇਂ ਕਿ ਸਰਟੀਫਿਕੇਟ, ਲਾਇਸੈਂਸ, ਪੈਨਸ਼ਨ, ਸਮਾਜਿਕ ਸੁਰੱਖਿਆ ਸਕੀਮਾਂ ਅਤੇ ਹੋਰ ਨਾਗਰਿਕ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਾਗਰਿਕਾਂ ਦੀ ਵਧੇਰੇ ਸਹੂਲਤ ਲਈ ਪੰਜਾਬ ਸਰਕਾਰ ਦੀ ਡੋਰ-ਸਟੈਪ ਡਿਲੀਵਰੀ ਸੇਵਾ ਵੀ ਉਪਲਬਧ ਹੈ। ਜੇਕਰ ਕੋਈ ਨਾਗਰਿਕ ਸੇਵਾ ਕੇਂਦਰ ਵਿੱਚ ਖੁਦ ਨਹੀਂ ਆ ਸਕਦਾ, ਤਾਂ ਉਹ 1076 ਹੈਲਪਲਾਈਨ ਨੰਬਰ ’ਤੇ ਕਾਲ ਕਰਕੇ ਆਪਣੇ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਲਈ ਅਪਾਇੰਟਮੈਂਟ ਬੁੱਕ ਕਰਵਾ ਸਕਦਾ ਹੈ ਅਤੇ ਨਿਰਧਾਰਿਤ ਸੇਵਾਵਾਂ ਦਾ ਲਾਭ ਆਪਣੇ ਘਰ ਵਿੱਚ ਹੀ ਪ੍ਰਾਪਤ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਅਤੇ ਡੋਰ-ਸਟੈਪ ਡਿਲੀਵਰੀ ਸੇਵਾ ਦਾ ਵੱਧ ਤੋਂ ਵੱਧ ਉਪਯੋਗ ਕਰਨ।

Leave a Reply

Your email address will not be published. Required fields are marked *