ਮਹਿੰਗਾਈ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਦਾ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

0

ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਲੋਕਾਂ ਨਾਲ ਧੋਖਾ : ਸੁਰਿੰਦਰ ਸਿੰਘ ਰਾਮਗੜ੍ਹ

ਫਤਿਹਗੜ੍ਹ ਸਾਹਿਬ, 31 ਮਈ ਰਾਜਿੰਦਰ ਸਿੰਘ ਭੱਟ ਦਵਿੰਦਰ ਸਿੰਘ ਖਰੋੜੀ

ਜ਼ਿਲ੍ਹਾ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਰੇੜਾ ਜੋੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ਨੂੰ ਤੁਰੰਤ ਕਾਬੂ ਕਰਨ ਅਤੇ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਗਲਤ ਆਰਥਿਕ ਨੀਤੀਆਂ ਕਾਰਨ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਹਰ ਵਰਗ ਦੇ ਲੋਕਾਂ ਉੱਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ ਅਤੇ ਘਰੇਲੂ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਰਹੀ ਹੈ। ਖਾਣ-ਪੀਣ ਦੀਆਂ ਵਸਤੂਆਂ, ਆਵਾਜਾਈ, ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਮ ਆਦਮੀ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਘਰੇਲੂ ਮਹਿਲਾਵਾਂ ਦੇ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਦਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਕਾਰਨ ਹਰ ਵਸਤੂ ਦੀ ਢੋਆ-ਢੁਆਈ ਦਾ ਖ਼ਰਚ ਵਧ ਗਿਆ ਹੈ। ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ ‘ਤੇ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ।

ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਹੇਠ ਧੱਕ ਦਿੱਤਾ ਹੈ। ਦੇਸ਼ ਦਾ ਕਿਸਾਨ, ਮਜ਼ਦੂਰ, ਮੁਲਾਜ਼ਮ, ਵਪਾਰੀ ਅਤੇ ਮੱਧ ਵਰਗ ਹਰ ਕੋਈ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਜਨ-ਮੁੱਦਿਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਲੋਕ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਡਟ ਕੇ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਕਟੌਤੀ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਹਿੰਗਾਈ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤੁਰੰਤ ਕੀਮਤਾਂ ਵਿੱਚ ਕਟੌਤੀ ਕਰਨ ਦੀ ਮੰਗ ਕੀਤੀ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *