ਸਬ ਤਹਿਸੀਲ ਧਨੌਲਾ ਦੇ ਵਸੀਕਾ ਨਵੀਸ ਨੂੰ ਵੱਧ ਫੀਸ ਵਸੂਲਣ ਦੇ ਦੋਸ਼ ਹੇਠ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਬਰਨਾਲ/ਧਨੌਲਾ, 2 ਜੂਨ (ਰਾਈਆ)- ਪੰਜਾਬ ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਵੱਲੋਂ ਸਬ ਤਹਿਸੀਲ ਧਨੌਲਾ ਵਿਖੇ ਕੰਮ ਕਰ ਰਹੇ ਇੱਕ ਵਸੀਕਾ ਨਵੀਸ ਨੂੰ ਸਰਕਾਰ ਵੱਲੋਂ ਨਿਰਧਾਰਤ ਰਜਿਸਟਰੀ ਲਿਖਾਈ ਫੀਸ ਤੋਂ ਇਲਾਵਾ ਵੱਧ ਰਕਮ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਬ ਤਹਿਸੀਲ ਧਨੌਲਾ ਵਿਖੇ ਕੰਮ ਕਰ ਰਹੇ ਵਸੀਕਾ ਨਵੀਸ ਵਿਪਨ ਸਿੰਘ ਸਿੱਧੂ ਵੱਲੋਂ ਰਜਿਸਟਰੀ ਸਬੰਧੀ ਸਰਕਾਰ ਵੱਲੋਂ ਨਿਰਧਾਰਤ ਫੀਸ ਤੋਂ ਵੱਧ ਪੈਸੇ ਲਏ ਗਏ ਸਨ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੀ ਜਾਂਚ ਕੀਤੀ ਗਈ, ਜਿਸ ਵਿੱਚ ਇਹ ਸਪੱਸ਼ਟ ਹੋਇਆ ਕਿ ਵਸੀਕਾ ਨਵੀਸ ਵਿਪਨ ਸਿੰਘ ਸਿੱਧੂ ਨੇ ਵਸੀਕਾ ਲਿਖਣ ਦੇ ਬਦਲੇ ਸਰਕਾਰੀ ਤੌਰ ‘ਤੇ ਨਿਰਧਾਰਤ ਰਕਮ ਤੋਂ ਵੱਧ ਪੈਸੇ ਵਸੂਲ ਕੀਤੇ ਸਨ।ਪੜਤਾਲ ਦੌਰਾਨ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਕਤ ਵਸੀਕਾ ਨਵੀਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਕੰਮਾਂ ਵਿੱਚ ਭ੍ਰਿਸ਼ਟਾਚਾਰ ਅਤੇ ਲੋਕਾਂ ਦੀ ਲੁੱਟ-ਖਸੁੱਟ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਜਾਰੀ ਰਹੇਗੀ।ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਸੇਵਾ ਕੇਂਦਰ ਵਿੱਚ ਨਿਰਧਾਰਤ ਫੀਸ ਤੋਂ ਵੱਧ ਰਕਮ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।
