ਨਵੇਂ ਚੁਣੇ ਕੌਂਸਲਰ ਪਰਦੀਪ ਕੁਮਾਰ ਰੂੜਾ ਸ਼੍ਰੋਮਣੀ ਅਕਾਲੀ ਦਲ ਕੁਰਾਲੀ ਸ਼ਹਿਰੀ ਦੇ ਪ੍ਰਧਾਨ ਨਿਯੁਕਤ

0

ਕੁਰਾਲੀ, 2 ਜੂਨ (ਰਾਜਾ ਸਿੰਘ ਭੰਗੂ )- ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਅੰਦਰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ ਸ਼ਹਿਰ ਦੇ ਨਵੇਂ ਚੁਣੇ ਗਏ ਕੌਂਸਲਰ ਪਰਦੀਪ ਕੁਮਾਰ ਰੂੜਾ ਨੂੰ ਕੁਰਾਲੀ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਜਾਰੀ ਕਰਦਿਆਂ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪ੍ਰਦੀਪ ਕੁਮਾਰ ਰੂੜਾ ਦੀ ਅਗਵਾਈ ਹੇਠ ਕੁਰਾਲੀ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਯੋਗਦਾਨ ਪਵੇਗਾ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਵਚਨਬੱਧ ਰਿਹਾ ਹੈ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਮਰਪਿਤ ਅਤੇ ਮਿਹਨਤੀ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਪਰਦੀਪ ਕੁਮਾਰ ਰੂੜਾ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕੁਰਾਲੀ ਸ਼ਹਿਰ ਵਿੱਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਫੋਰਮਾਂ ਰਾਹੀਂ ਉਠਾਉਣ ਲਈ ਹਰ ਸੰਭਵ ਯਤਨ ਕਰਨਗੇ। ਰੂੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪੰਥਕ ਰਵਾਇਤਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਹੋਣ ਤੇ ਅੱਜ ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਦੀਪ ਕੁਮਾਰ ਰੂੜਾ ਦਾ ਵਿਸੇਸ਼ ਤੌਰ ਤੇ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਪਰਦੀਪ ਕੁਮਾਰ ਰੂੜਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਤਸਵੀਰ ਨਾਲ ਨੱਥੀ ਹੈ। 

Leave a Reply

Your email address will not be published. Required fields are marked *