ਪਿੰਡ ਜਗਾ ਰਾਮ ਤੀਰਥ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ।

ਤਲਵੰਡੀ ਸਾਬੋ, 3 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਜਗਾਰਾਮ ਤੀਰਥ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਚੀਫ ਵਿਪ ਪੰਜਾਬ ਅਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ ਤਾਂ ਜੋ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਆਉਣ-ਜਾਣ, ਰਹਿਣ ਅਤੇ ਭੋਜਨ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਦਾ ਲਾਭ ਲੈ ਰਹੇ ਹਨ। ਪ੍ਰੋ. ਬਲਜਿੰਦਰ ਕੌਰ ਨੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਆਤਮਿਕ ਸ਼ਾਂਤੀ, ਧਾਰਮਿਕ ਅਨੁਭਵ ਅਤੇ ਨਵੀਂ ਊਰਜਾ ਦਾ ਸਰੋਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹਾਜ਼ਰ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਾਪਤ ਹੋਇਆ ਹੈ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀ, ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
