ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ

‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼
ਚੰਡੀਗੜ੍ਹ, 3 ਜੂਨ (ਦੁਰਗੇਸ਼ ਗਾਜਰੀ) : ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ 37 ਸਥਿਤ ਸੂਬਾਈ ਦਫ਼ਤਰ ਵਿਖੇ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣਾ ਅਹੁਦਾ ਧਾਰਮਿਕ ਰੀਤੀ-ਰਿਵਾਜਾਂ ਨਾਲ ਗੁਰੂ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਸਾਂਭਿਆ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ, ਇਸ ਦੇ ਨਾਲ ਹੀ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹਿਰਾ ਦਿੱਤਾ ਜਾਵੇਗਾ। ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਇਹ ਸੰਕਲਪ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਪ੍ਰਗਟ ਕੀਤਾ ਗਿਆ। ਅਹੁਦਾ ਸੰਭਾਲਣ ਸਮੇਂ ਕੇਵਲ ਸਿੰਘ ਢਿੱਲੋਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਕੇ ਉਨ੍ਹਾਂ ਦੇ ਸ਼ਾਸਨ ਨੂੰ ਪ੍ਰੇਰਣਾ ਸਰੋਤ ਵਜੋਂ ਪੇਸ਼ ਕੀਤਾ। ਅਹੁਦਾ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਨਹੀਂ ਜੀਉਂਦਾ ਸੀ। ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਮਿਲੇ।” ਉਨ੍ਹਾਂ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭਕਾ ਸਾਥ, ਸਭਕਾ ਵਿਕਾਸ’ ਦੇ ਮੰਤਰ ’ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਇਸੇ ਸੋਚ ਨਾਲ ਪੰਜਾਬ ਵਿੱਚ ਲੋਕਾਂ ਦਾ ਭਰੋਸਾ ਜਿੱਤੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ’ਤੇ ਸੱਤਾ ਹਾਸਲ ਕੀਤੀ, ਪਰ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਜਿਸ ਅਸਲ ਬਦਲਾਅ ਦੀ ਉਮੀਦ ਕਰ ਰਹੇ ਹਨ, ਉਹ ਸਿਰਫ਼ ਭਾਜਪਾ ਹੀ ਦੇ ਸਕਦੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਿਤ ਸਰਕਾਰ ਦੇਵੇਗੀ। ਉਨ੍ਹਾਂ ਇਸ ਨੂੰ ‘ਖਾਲਸਾ ਰਾਜ’ ਦੀ ਭਾਵਨਾ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਪੰਜਾਬ ਨੂੰ ਵਿਕਾਸ, ਸੁਰੱਖਿਆ ਅਤੇ ਸਮਾਜਿਕ ਸਾਂਝ ਦੀ ਰਾਹ ’ਤੇ ਲੈ ਕੇ ਜਾਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਨਵਾਂ ਨਾਅਰਾ “ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ” ਦਿੱਤਾ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੀ ਸਮਰੱਥਾ ਸਿਰਫ਼ ਭਾਜਪਾ ਕੋਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਤੋਂ ਹੀ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ ਅਤੇ ਸ਼ਵੇਤ ਮਲਿਕ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਵਿਸ਼ੇਸ਼, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਅਤੇ ਸਟੇਟ ਮੀਡੀਆ ਹੈਂਡ ਵਿਨੀਤ ਜੋਸ਼ੀ ਵਿਸ਼ੇਸ ਤੌਰ ‘ਤੇ ਮੌਜੂਦ ਸਨ।
