ਰਾਮਬਾਗ ਅੱਗ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਐਮ.ਪੀ. ਔਜਲਾ

0

ਮਾਨ ਸਰਕਾਰ ਤੋਂ ਮੁਆਵਜ਼ੇ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 3 ਜੂਨ (ਸਾਹਿਬ ਦਿਆਲ) : ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿੱਚ ਹਾਲ ਹੀ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਅੱਗ ਕਾਰਨ ਹੋਏ ਵੱਡੇ ਜਾਨੀ ਅਤੇ ਮਾਲੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਤੁਰੰਤ ਅਤੇ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਔਜਲਾ ਨੇ ਕਿਹਾ ਕਿ ਰਾਮਬਾਗ ਦੀ ਮਾਰਕੀਟ ਵਿੱਚ ਜ਼ਿਆਦਾਤਰ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਬੰਧਤ ਲੋਕ ਆਪਣਾ ਰੋਜ਼ਗਾਰ ਚਲਾਉਂਦੇ ਹਨ। ਅੱਗ ਦੀ ਇਸ ਘਟਨਾ ਨੇ ਕਈ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲਈ ਹੈ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਮੌਤ ਹੋਈ ਹੈ ਅਤੇ ਕਈ ਲੋਕਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ। ਸੰਸਦ ਮੈਂਬਰ ਨੇ ਫਾਇਰ ਬ੍ਰਿਗੇਡ ਅਤੇ ਨਗਰ ਨਿਗਮ ਦੇ ਪ੍ਰਬੰਧਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਚੁਸਤ ਹੁੰਦੀਆਂ ਤਾਂ ਨੁਕਸਾਨ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਫਾਇਰ ਬ੍ਰਿਗੇਡ ਦੇ ਸਾਜ਼ੋ-ਸਾਮਾਨ ਅਤੇ ਵਾਹਨਾਂ ਦੀ ਸਮੇਂ ਸਿਰ ਦੇਖਭਾਲ ਨਾ ਹੋਣ ਕਾਰਨ ਲੋਕਾਂ ਨੂੰ ਖੁਦ ਅੱਗ ਬੁਝਾਉਣ ਲਈ ਮੈਦਾਨ ਵਿੱਚ ਉਤਰਨਾ ਪਿਆ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਬਣਾਏ ਗਏ ਢਾਂਚੇ ਦੀ ਸਮੀਖਿਆ ਅਤੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ। ਔਜਲਾ ਨੇ ਕਿਹਾ ਕਿ ਹਾਦਸੇ ਕਿਸੇ ਵੀ ਥਾਂ ਵਾਪਰ ਸਕਦੇ ਹਨ, ਪਰ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਤੁਰੰਤ ਰਾਹਤ ਅਤੇ ਮਦਦ ਯਕੀਨੀ ਬਣਾਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਅੱਗ ਪੀੜਤਾਂ ਦੇ ਨੁਕਸਾਨ ਦਾ ਮੁਲਾਂਕਣ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਲਈ ਵਿਸ਼ੇਸ਼ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਜਾਵੇ।

Leave a Reply

Your email address will not be published. Required fields are marked *