ਪੰਜਾਬ ਦੇ ਸਕੂਲ 5 ਫ਼ੀਸਦ ਤੋਂ ਵੱਧ ਨਹੀਂ ਵਧਾ ਸਕਣਗੇ ਫੀਸਾਂ : ਮੁੱਖ ਮੰਤਰੀ

‘ਪਿਛਲੇ 3 ਸਾਲਾਂ ‘ਚ 15 ਫ਼ੀਸਦ ਤੋਂ ਵੱਧ ਫ਼ੀਸਾਂ ਵਸੂਲਣ ਵਾਲੇ ਸਕੂਲਾਂ ਤੋਂ ਫ਼ੀਸ ਕਰਾਵਾਂਗੇ ਵਾਪਸ’
ਚੰਡੀਗੜ੍ਹ, 3 ਜੂਨ (ਦੁਰਗੇਸ਼ ਗਾਜਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੀ ਵਿਦਿਆਰਥਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦਾ ਕੋਈ ਵੀ ਸਕੂਲ ਸਾਲ ਵਿੱਚ ਪੰਜ ਫੀਸਦ ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹਾ ਕਾਨੂੰਨ ਤਿਆਰ ਕੀਤਾ ਜਾਵੇਗਾ। ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦ ਤੋਂ ਵੱਧ ਫੀਸ ਵਸੂਲਣ ਵਾਲੇ ਸਕੂਲ ਪ੍ਰਬੰਧਕਾਂ ਤੋਂ ਵਿਦਿਆਰਥੀਆਂ ਦੀ ਫੀਸ ਵੀ ਵਾਪਸ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੂਬੇ ਵਿੱਚ ਇੱਕ ਸਾਲ ਦੌਰਾਨ 5 ਫੀਸਦ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਵਿਦਿਆਰਥਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਵੀ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
