ਵਪਾਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਵੱਖ ਵੱਖ ਹਿੱਸਿਆਂ ਵਿੱਚ ਮੀਟਿੰਗਾਂ ਦਾ ਆਯੋਜਨ

ਅੰਮ੍ਰਿਤਸਰ, 4 ਜੂਨ ( ਮਨਜੀਤ ਸਿੰਘ ਸ਼ੇਰਗਿੱਲ )
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅਤੇ ਜ਼ੋਨ ਇੰਚਾਰਜ ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਵੱਖ-ਵੱਖ ਵਪਾਰਕ ਖੇਤਰਾਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਇਸ ਤਹਿਤ ਵਿਧਾਨ ਸਭਾ ਹਲਕਾ ਪੱਛਮੀ ਦੇ ਛੇਹਰਟਾ ਵਿਖੇ ਹਲਕਾ ਚੇਅਰਮੈਨ ਸ੍ਰੀ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਉੱਤਰੀ ਦੀ ਲਿਬਰਟੀ ਮਾਰਕੀਟ ਅਤੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਹਲਕਾ ਚੇਅਰਮੈਨ ਸ੍ਰੀ ਰਾਹਿਲ ਖੰਨਾ ਦੀ ਅਗਵਾਈ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਥਾਨਕ ਵਪਾਰੀਆਂ ਦੇ ਮਨਾਂ ਵਿੱਚੋਂ ਡਰ ਅਤੇ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨਾ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗਾਂ ਦੌਰਾਨ ਵਪਾਰੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਗਿਆ।
ਇਨ੍ਹਾਂ ਮੀਟਿੰਗਾਂ ਵਿੱਚ ਸਬੰਧਤ ਖੇਤਰਾਂ ਦੇ ਏ.ਸੀ.ਪੀ. ਅਤੇ ਐਸ.ਐਚ.ਓ. ਵੀ ਹਾਜ਼ਰ ਰਹੇ। ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵਿਭਾਗ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ, ਧਮਕੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਉੱਪਰ ਪੂਰੀ ਸਖਤੀ ਕੀਤੀ ਜਾਵੇਗੀ।
ਜ਼ੋਨ ਇੰਚਾਰਜ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਵਪਾਰੀਆਂ ਨਾਲ ਇਸ ਤਰ੍ਹਾਂ ਦੇ ਸੰਵਾਦ ਅਤੇ ਜਾਗਰੂਕਤਾ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।
