ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ*

0

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਮੀਖਿਆ ਮੀਟਿੰਗ ਵਿੱਚ ਡੀ ਸੀ ਵੱਲੋਂ ਕਈ ਅਹਿਮ ਫ਼ੈਸਲੇ

ਪਟਿਆਲਾ, 4 ਜੂਨ:(ਰਾਜਿੰਦਰ ਸਿੰਘ ਥਿੰਦ)

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ, ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਸਬੰਧੀ ਵੱਖ-ਵੱਖ ਯੋਜਨਾਵਾਂ ਅਤੇ ਪਹਿਲ ਕਦਮੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਪ੍ਰੋਜੈਕਟ ਚੇਤਨਾ ਅਤੇ ਕਾਲਜ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਤਿੰਨ ਮਹੀਨਿਆਂ ਦੀ ਪ੍ਰਸ਼ਾਸਨਿਕ ਇੰਟਰਨਸ਼ਿਪ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਕਾਜ ਦੀ ਜਾਣਕਾਰੀ ਮਿਲੇਗੀ ਅਤੇ ਉਨ੍ਹਾਂ ਦੀ ਯੋਗਤਾ ਵਿੱਚ ਵਾਧਾ ਹੋਵੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ। ਮੀਟਿੰਗ ਦੌਰਾਨ ਮਹਿਲਾ ਉਮੀਦਵਾਰਾਂ ਲਈ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਓਹਨਾ ਕਿਹਾ ਕਿ ਮਹਿਲਾਵਾਂ ਨੂੰ ਪੋਸਟਨੇਟਲ ਕੇਅਰਟੇਕਰ, ਸੈਲਫ ਡਿਫੈਂਸ ਟ੍ਰੇਨਿੰਗ ਅਤੇ ਹੋਰ ਰੁਜ਼ਗਾਰਮੁਖੀ ਕੋਰਸਾਂ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਰਥਿਕ ਤੌਰ ’ਤੇ ਸਸ਼ਕਤ ਬਣ ਸਕਣ। ਇਸ ਦੇ ਨਾਲ ਹੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਕੇਂਦਰਾਂ ਨਾਲ ਜੁੜੇ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਉਪਰੰਤ ਉਨ੍ਹਾਂ ਦੀ ਪਲੇਸਮੈਂਟ ਯਕੀਨੀ ਬਣਾਉਣ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਕੋਚਿੰਗ ਕਲਾਸਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਮਿਆਰੀ ਮਾਰਗਦਰਸ਼ਨ ਅਤੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਲਈ ਕੋਚਿੰਗ ਕਲਾਸਿਜ਼ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।ਮੀਟਿੰਗ ਵਿੱਚ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਚਲਾਏ ਜਾ ਰਹੇ ਕੋਰਸਾਂ ਦੀ ਸਮੀਖਿਆ ਵੀ ਕੀਤੀ ਗਈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਦਲਦੇ ਸਮੇਂ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਕੋਰਸ ਸ਼ੁਰੂ ਕਰਨ ਅਤੇ ਮੌਜੂਦਾ ਕੋਰਸਾਂ ਨੂੰ ਅਪਡੇਟ ਕਰਨ ਦੀ ਲੋੜ ਹੈ । ਇਸ ਬਾਰੇ ਓਹਨਾ ਵਲੋਂ ਆਈ ਟੀ ਆਈ ਤੇ ਪੋਲੀਟੈਕਨਿਕ ਕਾਲਜਿਜ਼ ਤੋਂ ਆਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਪੁਲਿਸ, ਫੌਜ ਅਤੇ ਬੀ.ਐਸ.ਐਫ. ਵਿੱਚ ਭਰਤੀ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਅਤੇ ਸਕੂਲ ਕਾਲਜਾਂ ਵਿਚ ਇਸ ਸਬੰਧੀ ਜਾਣਕਾਰੀ ਲਈ ਫਲੈਕਸ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨਿਯਮਿਤ ਤੌਰ ’ਤੇ ਪਲੇਸਮੈਂਟ ਕੈਂਪ, ਰੋਜ਼ਗਾਰ ਮੇਲੇ ਅਤੇ ਸਵੈ-ਰੁਜ਼ਗਾਰ ਸੈਮੀਨਾਰ ਆਯੋਜਿਤ ਕਰਨ ਉੱਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਰੁਜ਼ਗਾਰ ਦਫ਼ਤਰ, ਰੈੱਡ ਕਰਾਸ, ਸਿੱਖਿਆ ਵਿਭਾਗ, ਪੌਲੀਟੈਕਨੀਕਲ, ਕਾਲਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *