ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ

0

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਤਿੱਖਾ

ਫਤਿਹਗੜ੍ਹ ਸਾਹਿਬ 4 ਜੂਨ (ਰਾਜਿੰਦਰ ਸਿੰਘ ਭੱਟ ,ਦਵਿੰਦਰ ਸਿੰਘ ਖਰੋੜੀ) ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ ਕੀਤਾ ਗਿਆ ਰੋਸ ਪ੍ਰਦਰਸ਼ਨ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਦੇ ਸੱਤਵੇਂ ਦਿਨ ਵੀ ਵੱਖ-ਵੱਖ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਕਈ ਆਗੂਆਂ ਨੂੰ ਮੰਗ ਪੱਤਰ ਸੌਂਪੇ ਗਏ ਹਨ, ਜਿਨ੍ਹਾਂ ਵਿੱਚ ਅਜੇ ਲਿਬੜਾ ਵੀ ਸ਼ਾਮਲ ਹਨ।ਨਵਦੀਪ ਕੌਰ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੇ ਸਾਥੀਆਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਕੁਝ ਕਰਮਚਾਰੀਆਂ ਨੂੰ ਸੇਵਾਵਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਜਿਸ ਦਾ ਯੂਨੀਅਨ ਵੱਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਕਈ ਸਿਆਸੀ ਆਗੂ ਵੀ ਧਰਨੇ ਵਿੱਚ ਸ਼ਾਮਲ ਹੋਏ। ਖ਼ਾਸ ਤੌਰ ‘ਤੇ ਲਖਬੀਰ ਸਿੰਘ ਕੋਟਲਾ ਅਤੇ ਲਖਬੀਰ ਸਿੰਘ ਸੋਂਟੀ ਨੇ ਯੂਨੀਅਨ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਹਨਾਂ ਦੱਸਿਆ ਕਿ ਸਰਕਾਰ ਇਹਨਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸਕੋ ਇਹਨਾਂ ਨੂੰ ਨੌਕਰੀ ਤੋਂ ਵਾਂਝੇ ਕਰ ਰਹੀ ਹੈ ਜੋ ਕਿ ਨਿੰਦਨ ਯੋਗ ਹੈ। ਇਸ ਮੌਕੇ ਵਾਈਸ ਪ੍ਰਧਾਨ ਸੁਖਦੀਪ ਸਿੰਘ, ਅਰਸ਼ਦ ਅਲੀ, ਸਰਪ੍ਰਸਤ ਗੁਰਦੀਪ ਸਿੰਘ, ਜਗਤਾਰ ਸਿੰਘ ,ਪੁਸ਼ਵਿੰਦਰ ਸਿੰਘ ,ਕੈਸ਼ੀਅਰ ਗੁਰਜੀਤ ਸਿੰਘ ਸੂਰਜ ਸਿੰਘ ,ਸਲਾਹਕਾਰ ਮਨਦੀਪ ਸਿੰਘ ,ਸਿਮਰਤ ਕੌਰ ਜਰਨਲ ਸੈਕਟਰੀ ਫਤਿਹਗੜ੍ਹ ਸਾਹਿਬ ਆਦਿ ਮੌਜੂਦ ਸਨ

Leave a Reply

Your email address will not be published. Required fields are marked *