ਅੰਮ੍ਰਿਤਸਰ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ, 677 ਵਿਦਿਆਰਥੀ ਲੈਣਗੇ ਲਾਭ

ਅੰਮ੍ਰਿਤਸਰ, ( ਮਨਜੀਤ ਸਿੰਘ ਸ਼ੇਰਗਿੱਲ ) : ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ ‘ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ 5 ਜੂਨ 2026 ਤੋਂ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਵਿਖੇ ਕੀਤੀ ਗਈ। ਇਹ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀ ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੇ.ਈ.ਈ. (JEE), ਨੀਟ (NEET) ਅਤੇ ਹੋਰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਵਾਉਣਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ। ਪ੍ਰਿੰਸੀਪਲ-ਕਮ-ਨੋਡਲ ਅਫ਼ਸਰ ਸ੍ਰੀਮਤੀ ਸਵਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਿਹਾਇਸ਼ੀ ਸਮਰ ਕੈਂਪ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਕੁੱਲ 677 ਵਿਦਿਆਰਥੀ ਭਾਗ ਲੈ ਰਹੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਅਤੇ ਤਜਰਬੇਕਾਰ ਅਧਿਆਪਕਾਂ ਵੱਲੋਂ ਵਿਸ਼ੇਸ਼ ਕੋਚਿੰਗ ਦਿੱਤੀ ਜਾਵੇਗੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਸ਼ਰਮਾ ਨੇ ਕੈਂਪ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਜੋ ਨੌਜਵਾਨਾਂ ਦੇ ਭਵਿੱਖ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵਿੱਚ ਸਹਾਈ ਸਾਬਤ ਹੋਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੌਰਾਨ ਮਿਲਣ ਵਾਲੀਆਂ ਸਹੂਲਤਾਂ ਅਤੇ ਅਕਾਦਮਿਕ ਮਾਰਗਦਰਸ਼ਨ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਯੋਗਤਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਸ. ਅਮਨਿੰਦਰਜੀਤ ਸਿੰਘ ਧਾਲੀਵਾਲ, ਸ੍ਰੀ ਰਾਜਨ ਅਤੇ ਕੈਂਪ ਦੇ ਸੰਚਾਲਨ ਨਾਲ ਜੁੜੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।
