ਹਰਸਿਮਰਤ ਕੌਰ ਬਾਦਲ ਨੇ ‘ਆਪ’ ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

ਇਸਤਰੀ ਵਿੰਗ ਦੀਆਂ ਨਵ-ਨਿਯੁਕਤ ਹਲਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 8 ਜੂਨ (ਕਮਲਜੋਤ ਕਾਂਸਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਇੱਕ ਅਹਿਮ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਇਸ ਮੀਟਿੰਗ ਦੇ ਵਿੱਚ ਉਹਨਾਂ ਦੇ ਨਾਲ ਬੀਬਾ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਮਹਿਲਾਵਾਂ ਨਾਲ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਨੂੰ ਮਹਿਲਾਵਾਂ ਨਾਲ ਕੀਤੇ ਵਾਅਦੇ ਯਾਦ ਆ ਰਹੇ ਹਨ ਅਤੇ ਚੋਣ ਲਾਭ ਲੈਣ ਲਈ ਕੁਝ ਮਹੀਨਿਆਂ ਵਾਸਤੇ ਇਹ ਰਕਮ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਸਰਕਾਰ ਦੇ ਵਾਅਦਿਆਂ ਅਤੇ ਹਕੀਕਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਜਵਾਬ ਦੇਣਗੀਆਂ। ਪਟਿਆਲਾ ਵਿੱਚ ਹੋਏ ਲਾਠੀਚਾਰਜ ਦੇ ਮਾਮਲੇ ‘ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਧਰਨੇ-ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਕਿਉਂਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਹਾਲਾਤ ਇਸ ਦੇ ਉਲਟ ਹਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਲੋਕਾਂ ‘ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਵੱਲੋਂ ਇਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਲਗਾਤਾਰ ਉਠਾਉਂਦਾ ਰਹੇਗਾ ਅਤੇ ਸਰਕਾਰ ਨੂੰ ਉਸਦੇ ਵਾਅਦਿਆਂ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਕਰਮਚਾਰੀਆਂ ਨੂੰ ਦੇਣ ਦੇ ਲਈ ਪੈਸੇ ਨਹੀਂ ਹਨ, ਉਹਨਾਂ ਦਾ ਡੀਏ ਲੰਬੇ ਸਮੇਂ ਤੋਂ ਬਕਾਇਆ ਹੈ, ਪੈਨਸ਼ਨ ਕਰਮਚਾਰੀਆਂ ਦੀਆਂ ਮੰਗਾਂ ਵੀ ਲੰਮੇ ਸਮੇਂ ਤੋਂ ਜਿਉਂ ਦੀਆਂ ਤਿਉਂ ਹੀ ਪਈਆਂ ਹਨ।
