ਮੋਹਾਲੀ ‘ਚ ਪਟਿਆਲਾ ਦੀ ਧੀ ਦੇ ਕਤਲ ਵਿਰੁਧ ਤੋਪਖਾਨਾ ਮੋੜ ‘ਤੇ ਲੱਗਿਆ ਧਰਨਾ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੀੜਤ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਪਟਿਆਲਾ, 8 ਜੂਨ (ਰਾਜਿੰਦਰ ਸਿੰਘ ਥਿੰਦ) : ਬੀਤੇ ਦਿਨੀਂ ਮੋਹਾਲੀ ਵਿਖੇ ਪਟਿਆਲਾ ਦੀ ਧੀ ਡਿੰਪਲ ਦਾ ਦਫ਼ਤਰ ਵਿੱਚ ਵੜ ਕੇ ਚਾਕੂਆਂ ਨਾਲ ਕੀਤੇ ਗਏ ਬੇਰਹਿਮੀ ਨਾਲ ਕਤਲ ਦੇ ਵਿਰੋਧ ਵਿੱਚ ਅੱਜ ਪਟਿਆਲਾ ਦੇ ਤੋਪਖਾਨਾ ਮੋੜ ਵਿਖੇ ਜੀਨਗਰ ਸਮਾਜ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਨਸਾਫ਼ ਦੀ ਇਸ ਲੜਾਈ ਵਿੱਚ ਉਹ ਮੋਢੇ ਨਾਲ ਮੋਢਾ ਜੋੜ ਕੇ ਹਰ ਸੰਘਰਸ਼ ਵਿੱਚ ਡਟ ਕੇ ਸਾਥ ਦੇਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਆਖਿਆ, “ਪਟਿਆਲਾ ਦੀ ਧੀ ਡਿੰਪਲ ਨਾਲ ਜੋ ਭਿਆਨਕ ਘਟਨਾ ਵਾਪਰੀ ਹੈ, ਉਹ ਬੇਹੱਦ ਨਿੰਦਣਯੋਗ ਅਤੇ ਦਿਲ ਕੰਬਾਊ ਹੈ। ਸਾਡੀ ਮੰਗ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸ ਦੇ ਨਾਲ ਹੀ, ਜਿਸ ਪ੍ਰਾਈਵੇਟ ਕੰਪਨੀ ਵਿੱਚ ਡਿੰਪਲ ਕੰਮ ਕਰਦੀ ਸੀ, ਉਸ ਦੇ ਪ੍ਰਬੰਧਕਾਂ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਉੱਥੇ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਦੇ ਕੋਈ ਪੁਖ਼ਤਾ ਪ੍ਰਬੰਧ ਨਹੀਂ ਸਨ।” ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਇਸ ਮਾਮਲੇ ‘ਤੇ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਜੈ ਇੰਦਰ ਕੌਰ ਨੇ ਸਵਾਲ ਕੀਤਾ, “ਮੈਂ ਪੁੱਛਣਾ ਚਾਹੁੰਦੀ ਹਾਂ ਕਿ ਰਾਜ ਲਾਲੀ ਗਿੱਲ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹਨ ਜਾਂ ਆਮ ਆਦਮੀ ਪਾਰਟੀ ਦੀ ਸਪੋਕਸਪਰਸਨ? ਮਹਿਲਾ ਕਮਿਸ਼ਨ ਵੱਲੋਂ ਇਹ ਕਹਿਣਾ ਕਿ ਇਸ ਵਿੱਚ ਕੋਈ ਕਾਨੂੰਨ ਵਿਵਸਥਾ ਦਾ ਮਾਮਲਾ ਨਹੀਂ ਹੈ, ਬੇਹੱਦ ਸ਼ਰਮਨਾਕ ਹੈ। ਕੀ ਤੁਸੀਂ ਦੋਸ਼ੀ ਦਾ ਪੱਖ ਪੂਰ ਰਹੇ ਹੋ? ਉਲਟਾ ਇਸ ਘਟਨਾ ਵਿੱਚ ਕੁੜੀ ਦੀ ਗਲਤੀ ਕੱਢੀ ਜਾ ਰਹੀ ਹੈ। ਤੁਸੀਂ ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕੁਰਸੀ ‘ਤੇ ਬੈਠੇ ਹੋ, ਨਾ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ। ਮੈਂ ਅਜਿਹੇ ਗੈਰ-ਜ਼ਿੰਮੇਵਾਰਾਨਾ ਰਵੱਈਏ ਲਈ ਉਨ੍ਹਾਂ ਦੇ ਤੁਰੰਤ ਅਸਤੀਫੇ ਦੀ ਮੰਗ ਕਰਦੀ ਹਾਂ।” ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ‘ਆਪ’ ਸਰਕਾਰ ਨੂੰ ਘੇਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਲੁਧਿਆਣਾ ਵਿਖੇ ਬੀਤੇ ਦਿਨੀਂ ਕਈ ਲੜਕੀਆਂ ਲਾਪਤਾ ਹੋਈਆਂ ਹਨ, ਪਰ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਅੱਜ ਪੰਜਾਬ ਵਿੱਚ ਔਰਤਾਂ ਬਿਲਕੁਲ ਸੁਰੱਖਿਅਤ ਨਹੀਂ ਹਨ। ਹਾਲਾਤ ਇਹ ਬਣ ਚੁੱਕੇ ਹਨ ਕਿ ਮਾਪੇ ਆਪਣੀਆਂ ਧੀਆਂ ਨੂੰ ਬਾਹਰ ਕੰਮ ‘ਤੇ ਭੇਜਣ ਤੋਂ ਡਰਨ ਲੱਗੇ ਹਨ। ਜਿਸ ਰਾਜ ਵਿੱਚ ਮਹਿਲਾਵਾਂ ਹੀ ਸੁਰੱਖਿਅਤ ਮਹਿਸੂਸ ਨਾ ਕਰਨ, ਉੱਥੋਂ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਸਮੁੱਚਾ ਭਾਰਤੀ ਜਨਤਾ ਪਾਰਟੀ ਪਰਿਵਾਰ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਅਤੇ ਲਾਪਰਵਾਹ ਕੰਪਨੀ ਖਿਲਾਫ ਕੋਈ ਸਖਤ ਕਾਰਵਾਈ ਨਾ ਕੀਤੀ ਗਈ, ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਮੋਹਾਲੀ ਵਿਖੇ ਵੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਾਡੀ ਮੁੱਖ ਮੰਗ ਇਹੀ ਹੈ ਕਿ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇ ਅਤੇ ਨਿੱਜੀ ਕੰਪਨੀਆਂ ਵਿੱਚ ਮਹਿਲਾਵਾਂ ਦੀ ਸੁਰੱਖਿਆ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।
