ਜੰਡਿਆਲਾ,ਚ ਪਾਣੀ ਦੀ ਨਿਕਾਸੀ ਲਈ ਬਣੇਗੀ ਸਾਈਡ ਡਰੇਨ-ਈ:ਟੀ:ਓ
ਈ.ਟੀ.ਓ. ਨੇ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ
ਅੰਮ੍ਰਿਤਸਰ, 12 ਜੂਨ( ਮਨਜੀਤ ਸਿੰਘ ਸ਼ੇਰਗਿੱਲ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਾਸੀਆਂ ਲਈ ਇਕ ਹੋਰ ਖੁਸ਼ਖਬਰੀ ਤਹਿਤ ਇਕ ਸਾਈਡ ਡਰੇਨ ਦਾ ਨਿਰਮਾਣ ਕੀਤਾ ਜਾਵੇਗਾ ਜਿਸ ਨਾਲ ਕਾਫੀ ਲੰਬੇ ਸਮੇਂ ਤੋਂ ਜੰਡਿਆਲਾ ਗੁਰੂ ਸਰਾਂ ਤੇ ਲੰਬੇ ਸਮੇਂ ਤੋਂ ਚਲਦੀ ਆ ਰਹੀ ਪਾਣੀ ਦੀ ਨਿਕਾਸੀ ਦੀ ਮੁਸ਼ਕਲ ਦਾ ਹੱਲ ਹੋਵੇਗਾ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਸਾਈਡ ਡਰੇਨ ਦਾ ਨੀਂਹ ਪੱਥਰ ਰੱਖਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਡਰੇਨ ਤੇ ਕਰੀਬ 9.31 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ 6 ਮਹੀਨੇ ਦੇ ਅੰਦਰ ਅੰਦਰ ਇਸ ਕੰਮ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਟੈਂਡਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਅਤੇ ਜਲਦੀ ਹੀ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਜੀ:ਟੀ:ਰੋਡ ‘ਤੇ ਬਰਸਾਤਾਂ ਦੌਰਾਨ ਕਾਫੀ ਪਾਣੀ ਖੜ੍ਹਾ ਹੋ ਜਾਂਦਾ ਸੀ ਜਿਸ ਕਾਰਨ ਰਾਹਗੀਰ ਅਤੇ ਦੁਕਾਨਦਾਰਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵੱਲੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਤੋਂ ਜੰਡਿਆਲਾ – ਵੈਰੋਵਾਲ ਸੜਕ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਪਿੰਡ ਗੁਣੋਵਾਲ ਵਿਖੇ 81.67 ਲੱਖ ਰੁਪਏ ਦੀ ਲਾਗਤ ਨਾਲ ਇਸ ਪੁਲ ਨੂੰ ਬਣਾਇਆ ਜਾਵੇਗਾ ਅਤੇ ਇਸ ਦੀ ਸਮੇਂ ਸੀਮਾ ਵੀ 6 ਮਹੀਨੇ ਨਿਸ਼ਚਤ ਕੀਤੀ ਜਾ ਚੁੱਕੀ ਹੈ ਅਤੇ ਸਬੰਧਤ ਠੇਕੇਦਾਰ ਨੂੰ ਇਸ ਦਾ ਕੰਮ ਵੀ ਅਲਾਟ ਹੋ ਚੁੱਕਾ ਹੈ। ਸ੍ਰ ਈ:ਟੀ:ਓ ਨੇ ਦੱਸਿਆ ਕਿ ਇਸ ਪੁਲ ਦੀ ਉਸਾਰੀ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਸ੍ਰ ਈ.ਟੀ.ਓ. ਨੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਗੁਣਵੱਤਾ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਜਨਤਕ ਧਨ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 81.67 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਆਵਾਜਾਈ ਸੰਬੰਧੀ ਲੋੜਾਂ ਨੂੰ ਪੂਰਾ ਕਰੇਗਾ। ਉਨ੍ਹਾਂ ਦੱਸਿਆ ਕਿ ਪੁਲ ਦੇ ਨਿਰਮਾਣ ਨਾਲ ਖਾਸ ਤੌਰ ‘ਤੇ ਪਿੰਡ ਗੁਣੋਵਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।
ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਖੇਤਰ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ਸਰਦਾਰ ਅਮਰੀਕ ਸਿੰਘ ਸੋਢੀ,ਸ੍ਰੀ ਸੁਰਿੰਦਰ ਸੋਨੂ ਮਨਜਿੰਦਰ ਹੈਪੀ, ਕੌਂਸਲਰ ਸਰਦਾਰ ਨਰਿੰਦਰ ਸਿੰਘ ਨਿੰਦਾ ਅਵਤਾਰ ਸਿੰਘ ਕਾਲਾ, ਰਾਜ ਕੁਮਾਰ ਮਲਹੋਤਰਾ ,ਸਰਦਾਰ ਸਤਿੰਦਰ ਸਿੰਘ, ਅਮਨ ਵਿਰਕ ਮਨਜਿੰਦਰ ਭੀੜੀ ਚੇਅਰਮੈਨ ਗੁਰਵਿੰਦਰ ਸਿੰਘ ਤੋ ਇਲਾਵਾਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਕੈਪਸ਼ਨ ਕੈਬਿਨੇਟ ਮੰਤਰੀ ਸਰਦਾਰ ਹਰਭਜਨ ਸਿੰਘ ਈ ਟੀ ਓ ਜੰਡਿਆਲਾ ਗੁਰੂ ਜੀਟੀ ਰੋਡ ਤੇ ਸਾਈਡ ਡਰੇਨ ਦਾ ਨੀ ਪੱਥਰ ਰੱਖਦੇ ਹੋਏ।
